ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਰਾਜਾ ਵੜਿੰਗ ਦੇ ਸਵਾਲਾਂ 'ਤੇ ਬ੍ਰਹਮ ਸ਼ੰਕਰ ਜਿੰਪਾ ਦਾ ਤਿੱਖਾ ਪ੍ਰਤੀਕਰਮ

05/20/2022 4:00:32 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਬੀਤੇ ਦਿਨੀਂ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਐਲਾਨ ਕੀਤਾ ਸੀ, ਜਿਸ 'ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਵਾਲ ਖੜ੍ਹੇ ਕੀਤੇ ਸਨ। ਰਾਜਾ ਵੜਿੰਗ ਨੇ ਕਿਹਾ ਸੀ ਕਿ ਇਹ ਫ਼ੈਸਲਾ ਪੰਜਾਬ ਦੇ ਬੇਰੁਜ਼ਗਾਰਾਂ ਲਈ ਹੋਰ ਮੁਸ਼ਕਲਾਂ ਖੜੀਆਂ ਕਰ ਸਕਦਾ ਹੈ ਅਤੇ ਸਰਕਾਰ ਨੂੰ ਸੇਵਾਮੁਕਤ ਪਟਵਾਰੀਆਂ ਦੀ ਜਗ੍ਹਾ ਬੇਰੁਜ਼ਗਾਰ ਅਤੇ ਨਵੇਂ ਬੱਚਿਆਂ ਨੂੰ ਭਰਤੀ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਵੱਲੋਂ ਆਟੇ ਅਤੇ ਕਣਕ ਦੀ ਹੋਮ ਡਿਲਿਵਰੀ ਦੀ ਸੁਚੱਜੀ ਵੰਡ ਸਬੰਧੀ ਨਵੇਂ ਹੁਕਮ ਜਾਰੀ

ਰਾਜਾ ਵੜਿੰਗ ਦੇ ਇਨ੍ਹਾਂ ਬਿਆਨਾਂ 'ਤੇ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਤਿੱਖੀ ਜਵਾਬਦੇਈ ਕਰਦਿਆਂ ਕਿਹਾ ਕਿ ਪੰਜਾਬ 'ਚ ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਪੰਜਾਬ ਦੇ ਹੱਕ ਵਿੱਚ ਅਜਿਹਾ ਫ਼ੈਸਲਾ ਲੈਣਾ ਜ਼ਰੂਰੀ ਸੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਅਸਾਮੀਆਂ ਸਿਰਫ਼ ਇਕ ਸਾਲ ਲਈ ਠੇਕੇ 'ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ, ਕਿਉਂਕਿ 1,090 ਮਾਲ ਪਟਵਾਰੀਆਂ ਦੀ ਭਰਤੀ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਮੁੱਖ ਮੰਤਰੀ ਵੱਲੋਂ ਜਲਦੀ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪ ਦਿੱਤੇ ਜਾਣਗੇ। ਕੈਬਨਿਟ ਮੰਤਰੀ ਜਿੰਪਾ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਪਟਵਾਰੀਆਂ ਦੇ ਨਾਲ 800 ਨਵੇਂ ਅਤੇ ਕਾਬਿਲ ਨੌਜਵਾਨਾਂ ਨੂੰ ਵੀ ਪਟਵਾਰੀਆਂ ਵਜੋਂ ਭਰਤੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਦੀ ਸਜ਼ਾ ’ਤੇ ਰਾਜਾ ਵੜਿੰਗ ਨੂੰ ‘ਅਫ਼ਸੋਸ’, ਕਿਹਾ-ਅਜਿਹਾ ਨਹੀਂ ਹੋਣਾ ਚਾਹੀਦਾ ਸੀ

ਮੰਤਰੀ ਜਿੰਪਾ ਨੇ ਤਿੱਖੇ ਅੰਦਾਜ਼ 'ਚ ਇਹ ਵੀ ਕਿਹਾ ਕਿ ਜੇਕਰ ਰਾਜਾ ਵੜਿੰਗ ਇਸ ਫ਼ੈਸਲੇ ਤੋਂ ਖੁਸ਼ ਨਹੀਂ ਸਨ ਤਾਂ ਉਹ ਇਸ ਗੱਲ ਦਾ ਜਵਾਬ ਜ਼ਰੂਰ ਦੇਣ ਕਿ ਆਪਣੀ ਸਰਕਾਰ ਦੇ ਕਾਰਜਕਾਲ 'ਚ ਉਨ੍ਹਾਂ ਨੇ ਇਹ ਅਸਾਮੀਆਂ ਕਿਉਂ ਨਹੀਂ ਭਰੀਆਂ? ਉਨ੍ਹਾਂ ਕਿਹਾ ਕਿ 20 ਸਾਲ ਦਾ ਰਿਕਾਰਡ ਦੇਖਿਆ ਜਾਵੇ ਤਾਂ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਜ਼ਰਅੰਦਾਜ਼ੀ ਕਰਨ ਪਏ ਵਕਫ਼ੇ ਨੂੰ ਹੀ ਪੂਰਾ ਕਰਨ ਲਈ ਸਰਕਾਰ ਵੱਲੋਂ ਇਹ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਾਨ ਸਰਕਾਰ ਕਿਸੇ ਦੀ ਵੀ ਨੌਕਰੀ ਨੂੰ ਖੋਹਣ ਦੀ ਕੋਸ਼ਿਸ਼ ਨਹੀਂ ਕਰ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News