ਪੰਜਾਬ ਵਿਚ ਵੱਡੀ ਭਰਤੀ ਸ਼ੁਰੂ ਕਰਨ ਦਾ ਐਲਾਨ, ਭਰੀਆਂ ਜਾਣਗੀਆਂ 1754 ਅਸਾਮੀਆਂ

Tuesday, Dec 10, 2024 - 06:34 PM (IST)

ਪੰਜਾਬ ਵਿਚ ਵੱਡੀ ਭਰਤੀ ਸ਼ੁਰੂ ਕਰਨ ਦਾ ਐਲਾਨ, ਭਰੀਆਂ ਜਾਣਗੀਆਂ 1754 ਅਸਾਮੀਆਂ

ਚੰਡੀਗੜ੍ਹ : ਦਿਵਿਆਂਗ ਵਿਅਕਤੀਆਂ (ਪੀ. ਡਬਲਯੂ. ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿਚ ਖਾਲ੍ਹੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ 'ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਦਿਵਿਆਂਗ ਵਿਅਕਤੀਆਂ ਦੀਆਂ ਖਾਲ੍ਹੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲ੍ਹੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਚੱਲਣ ਵਾਲੀ ਬੁਲੇਟ ਟਰੇਨ ਦਾ ਰੂਟ ਆਇਆ ਸਾਹਮਣੇ, ਅਸਮਾਨੀ ਪਹੁੰਚਣਗੇ ਜ਼ਮੀਨਾਂ ਦੇ ਭਾਅ

ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐੱਸ.ਆਈ.ਪੀ.ਡੀ.ਏ. ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮਾਣ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ 'ਤੇ 1.31 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ 21 ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਮਿਲਕਫੈੱਡ, ਮਾਰਕਫੈੱਡ ਅਤੇ ਹੋਰ ਸੰਸਥਾਵਾਂ ਤੋਂ ਬੂਥ ਦਿਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਇਸ ਵਰਗ ਦੀ ਭਲਾਈ ਲਈ ਹਰ ਹਰਬਾ ਵਰਤੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤਕ ਬੰਦ ਰਹਿਣਗੇ ਸਕੂਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News