ਸਾਹਿਬਜ਼ਾਦਿਆ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਿੱਖਿਆ ਮੰਤਰੀ ਵੱਲੋਂ ਅਹਿਮ ਐਲਾਨ

Monday, Dec 20, 2021 - 06:27 PM (IST)

ਸਾਹਿਬਜ਼ਾਦਿਆ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਿੱਖਿਆ ਮੰਤਰੀ ਵੱਲੋਂ ਅਹਿਮ ਐਲਾਨ

ਚੰਡੀਗੜ੍ਹ : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਐਜੂਸੈੱਟ ਰਾਹੀਂ ਉੱਘੀ ਸ਼ਖਸੀਅਤ ਵੱਲੋਂ ਸ਼ਹੀਦੀ ਜੋੜ ਮੇਲ ਦੀ ਮਹਾਨਤਾ ਬਾਰੇ ਲੈਕਚਰ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ’ਤੇ ਪੰਜਾਬ ਦੇ ਵਿਦਿਆਰਥੀ ਜੁੜਨਗੇ। ਅੱਜ ਇਥੇ ਜਾਰੀ ਪ੍ਰੈੱਸ ਬਿਆਨ ਵਿਚ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੋਹ ਦੇ ਸਰਦ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿਚ ਜਬਰ-ਜ਼ੁਲਮ ਵਿਰੁੱਧ ਡਟਣ ਅਤੇ ਧਰਮ ਦੀ ਖਾਤਰ ਆਪਾ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ, ਜਿਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂੰ ਕਰਵਾਉਣਾ ਸਾਡਾ ਇਖਲਾਕੀ ਫਰਜ਼ ਬਣਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਚ ਵੱਡੀ ਖ਼ਬਰ, ਮ੍ਰਿਤਕ ਦੇ ਲਏ ਗਏ ਫਿੰਗਰ ਪ੍ਰਿੰਟਸ

PunjabKesari

ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਨ ਦੁਨੀਆਂ ਵਿਚ ਕਿਤੇ ਨਹੀਂ ਮਿਲਦੀ। ਇਹ ਘਟਨਾਵਾਂ ਸਾਨੂੰ ਹੱਕ-ਸੱਚ ਲਈ ਜੂਝਣ ਦੀ ਪ੍ਰੇਰਨਾ ਦਿੰਦੀ ਹੈ। ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਸਾਰੇ ਵਿਦਿਅਕ ਅਦਾਰੇ ਆਪੋ-ਆਪਣੀਆਂ ਸੰਸਥਾਵਾਂ ਵਿਚ ਕਿਸੇ ਇਕ ਦਿਨ ਘੱਟੋ-ਘੱਟ ਇਕ ਘੰਟੇ ਦਾ ਪ੍ਰੋਗਰਾਮ ਕਰਕੇ ਬੱਚਿਆਂ ਨੂੰ ਉਨ੍ਹਾਂ ਦੀ ਜੀਵਨੀ ਤੋਂ ਜਾਣੂ ਕਰਵਾਉਣ। ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ ਬਾਕਾਇਦਾ ਪੱਤਰ ਜਾਰੀ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਸਮੁੱਚੇ ਪਰਿਵਾਰ, ਖ਼ਾਸ ਕਰਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਆਖਿਆ ਗਿਆ ਅਤੇ 23 ਦਸੰਬਰ ਤੱਕ ਇਕ ਘੰਟੇ ਦਾ ਪ੍ਰੋਗਰਾਮ ਕਰਵਾਇਆ ਜਾਵੇ। ਇਹ ਪ੍ਰੋਗਰਾਮ ਭਾਸ਼ਣ ਮੁਕਾਬਲੇ, ਸ਼ਬਦ ਗਾਇਨ, ਕੁਇਜ਼ ਅਤੇ ਪੇਂਟਿੰਗ ਦੇ ਕਰਵਾਏ ਜਾਣ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਘਟਨਾ ਨੂੰ ਲੈ ਕੇ ਕੀ ਬੋਲੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News