1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਸਰਕਾਰ ਵੱਲੋਂ ਕੀਤੇ ਹਮਲੇ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
Monday, Jul 04, 2022 - 12:54 PM (IST)
ਅੰਮ੍ਰਿਤਸਰ (ਸਾਗਰ, ਸਰਬਜੀਤ) - ਸੰਨ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ, ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।
ਇਸ ਸਬੰਧ ਵਿਚ ਪਾਏ ਭੋਗ ਮਗਰੋਂ ਸਮਾਗਮ ਵੀ ਆਯੋਜਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਉੱਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਕੀਤਾ ਗਿਆ ਹੈ। ਪ੍ਰਧਾਨ ਧਾਮੀ ਨੇ ਸਰਕਾਰਾਂ ’ਤੇ ਵਰ੍ਹਦੇ ਹੋਏ ਕਿਹਾ ਕਿ ਸਿੱਖਾਂ ’ਤੇ ਪਹਿਲੇ ਦਿਨ ਤੋਂ ਜ਼ੁਲਮ ਹੋਏ ਅਤੇ ਗੁਰੂਘਰਾਂ ਦੀਆਂ ਬੇਅਦਬੀਆਂ ਹੋਈਆਂ, ਜੋ ਅੱਜ ਤੱਕ ਹੁੰਦੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 4 ਜੁਲਾਈ 1955 ਨੂੰ ਵੀ ਉਦੋਂ ਦੀ ਸਰਕਾਰ ਭਾਰਤੀ ਫੌਜ ਬੂਟ ਪਾ ਕੇ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋਈ ਸੀ ਅਤੇ ਗ੍ਰਿਫ਼ਤਾਰ ਕੀਤਾ ਸੀ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਵਿਖੇ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਦੀ ਜਾਂਚ ਹੋਣਾ ਸਮੇਂ ਦੀ ਮੁਖ ਲੋੜ ਹੈ। PRTC ਬੱਸਾਂ ’ਤੇ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਉਤਾਰਨ ਦੇ ਵਾਇਰਲ ਹੋ ਰਹੀ ਚਿੱਠੀ ’ਤੇ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਹਿਰਦਿਆਂ ਵਿੱਚ ਇਹ ਤਸਵੀਰਾਂ ਲੱਗੀਆਂ ਹੋਈਆਂ ਹਨ। ਸਰਕਾਰਾਂ ਕਦੇ ਵੀ ਇਸ ਆਵਾਜ਼ ਨੂੰ ਦਬਾ ਨਹੀਂ ਸਕਦੀਆਂ ਹਨ।