ਭਾਰਤ ਸਰਕਾਰ ਜੂਨ ''84 ਸਬੰਧੀ ਦਸਤਾਵੇਜ਼ ਜਨਤਕ ਕਰੇ : ਪ੍ਰੋ. ਬਡੂੰਗਰ
Saturday, Jun 16, 2018 - 06:02 AM (IST)

ਫਤਿਹਗੜ੍ਹ ਸਾਹਿਬ (ਜਗਦੇਵ) - ਲੰਡਨ ਦੀ ਇਕ ਟ੍ਰਿਬਿਊਨਲ ਅਦਾਲਤ ਵੱਲੋਂ ਜੂਨ '84 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ਼ ਜਨਤਕ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਤੇ ਕਰਵਾਏ ਗਏ ਫ਼ੌਜੀ ਹਮਲੇ ਨੂੰ ਸਿੱਖ ਕੌਮ ਕਦੀ ਭੁੱਲ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਅਦਾਲਤ ਵੱਲੋਂ ਬਰਤਾਨੀਆ ਸਰਕਾਰ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ਼ ਜਨਤਕ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਸਰਕਾਰ ਦੀ ਤਰ੍ਹਾਂ ਭਾਰਤ ਸਰਕਾਰ ਨੂੰ ਵੀ ਜੂਨ 1984 ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ ਤਾਂ ਜੋ ਦੁਨੀਆ ਨੂੰ ਪਤਾ ਲੱਗ ਸਕੇ ਕਿ ਇਸ ਘੱਲੂਘਾਰੇ ਦੀ ਸਾਜ਼ਿਸ਼ ਪਿੱਛੇ ਹੋਰ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ-ਕਿਹੜੀਆਂ ਸ਼ਕਤੀਆਂ ਸ਼ਾਮਲ ਸਨ।