ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਨੇ ਲਏ ਗਵਾਹਾਂ ਦੇ ਬਿਆਨ

Wednesday, Mar 07, 2018 - 07:21 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵੱਲੋਂ ਅੱਜ ਜਿਲ੍ਹਾ ਬਰਨਾਲਾ ਦਾ ਦੌਰਾ ਕੀਤਾ ਗਿਆ ਅਤੇ ਇਨ੍ਹਾਂ ਮਾਮਲਿਆਂ ਸੰਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ। ਇਸ ਕਮਿਸ਼ਨ ਦੀ ਅਗਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਕਰ ਰਹੇ ਹਨ। ਕਮਿਸ਼ਨ ਨੇ ਸਭ ਤੋਂ ਪਹਿਲਾਂ ਖੱਟਰ ਪੱਤੀ ਨੇੜੇ ਕੁਲਵੰਤ ਸਿੰਘ ਦੀ ਆਟਾ ਚੱਕੀ, ਤਪਾ ਮੰਡੀ ਅਤੇ ਪਿੰਡ ਉਗੋਕੇ ਦੇ ਬੱਸ ਸਟੈਂਡ ਵਿਖੇ ਉਨ੍ਹਾਂ ਘਟਨਾਵਾਂ ਦੀ ਜਾਂਚ ਕੀਤੀ, ਜਿਸ ਤਹਿਤ ਸਾਲ 2015 ਨਵੰਬਰ ਮਹੀਨੇ 'ਚ ਧਾਰਮਿਕ ਗ੍ਰੰਥ ਦੀ ਬੇਅਦਬੀ ਹੋਣ ਦੇ ਮਾਮਲੇ ਸਾਹਮਣੇ ਆਏ ਸਨ।
ਇਸ ਉਪਰੰਤ ਕਮਿਸ਼ਨ ਵੱਲੋਂ ਨੇੜੇ ਸ਼ੀਤਲਾ ਮਾਤਾ ਮੰਦਿਰ ਬਰਨਾਲਾ ਦਾ ਵੀ ਦੌਰਾ ਕੀਤਾ ਗਿਆ ਅਤੇ ਮਾਰਚ, 2016 ਦੌਰਾਨ ਹੋਏ ਧਾਰਮਿਕ ਬੇਅਦਬੀ ਦੇ ਮਾਮਲੇ ਦੀ ਜਾਂਚ ਕੀਤੀ। ਜਸਟਿਸ ਰਣਜੀਤ ਸਿੰਘ ਆਪਣੇ ਸਾਥੀਆਂ ਸੰਯੁਕਤ ਡਾਇਰੈਕਟਰ ਪ੍ਰੋਸੀਕਿਊਸ਼ਨ ਅੰਗਰੇਜ਼ ਸਿੰਘ ਅਤੇ ਰਜਿਸਟਰਾਰ ਜੇ. ਪੀ. ਮਹਿਮੀ ਨਾਲ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਤੋਂ ਘਟਨਾਵਾਂ ਬਾਰੇ ਵੇਰਵੇ ਇਕੱਤਰ ਕੀਤੇ। ਇਸ ਮੌਕੇ ਹਾਜ਼ਰ ਪੁਲਸ ਅਧਿਕਾਰੀਆਂ ਦੇ ਵੀ ਬਿਆਨ ਲਏ ਗਏ। ਇਸ ਮੌਕੇ ਕਮਿਸ਼ਨ ਦੀ ਸਹਾਇਤਾ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸਹਾਇਕ ਕਮਿਸ਼ਨਰ (ਅੰੰਡਰ ਟਰੇਨਿੰਗ) ਪਵਿੱਤਰ ਸਿੰਘ, ਐੱਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਅਤੇ ਹੋਰ ਅਧਿਕਾਰੀ ਮੌਜੂਦ ਸਨ।


Related News