ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁਕਾਈ ਸਹੁੰ

Tuesday, Jul 09, 2024 - 03:57 PM (IST)

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁਕਾਈ ਸਹੁੰ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜਸਟਿਸ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ, ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਸਿਵਲ ਅਤੇ ਪੁਲਸ ਅਧਿਕਾਰੀ ਹਾਜ਼ਰ ਸਨ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਸ਼ੀਲ ਨਾਗੂ ਦੀ ਨਿਯੁਕਤੀ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ 4 ਜੁਲਾਈ, 2024 ਨੂੰ ਰਸਮੀ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। ਜਸਟਿਸ ਸ਼ੀਲ ਨਾਗੂ ਦਾ ਜਨਮ 1 ਜਨਵਰੀ, 1965 ਨੂੰ ਹੋਇਆ ਸੀ। ਉਹ 5 ਅਕਤੂਬਰ, 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਅਤੇ ਉਨ੍ਹਾਂ ਨੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਹਾਈਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਪ੍ਰੈਕਟਿਸ ਕੀਤੀ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ।
 


author

Babita

Content Editor

Related News