ਬੇਅਦਬੀ ਮਾਮਲਾ : ''''ਗੋਲੀ ਕਿਸ ਦੇ ਹੁਕਮਾਂ ''ਤੇ ਚਲਾਈ, ਮੇਰੀ ਜਾਂਚ ਦਾ ਹਿੱਸਾ ਨਹੀਂ''''

09/04/2018 2:37:23 PM

ਚੰਡੀਗੜ੍ਹ : ਬਹਿਬਲ ਕਲਾਂ ਤੇ ਬਰਗਾੜੀ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੇ ਹੋਰਾਂ ਖਿਲਾਫ ਦੋਸ਼ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਬਾਦਲ ਸਰਕਾਰ ਦੇ ਸਮੇਂ 'ਚ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ 'ਤੇ ਵੀ ਸਵਾਲ ਚੁੱਕੇ ਗਏ ਹਨ। ਬੇਅਦਬੀ ਮਾਮਲਿਆਂ ਦੀ ਜਾਂਚ ਲਈ ਅਕਤੂਬਰ, 2015 'ਚ ਜਸਟਿਸ ਜ਼ੋਰਾ ਸਿੰਘ (ਕਮਿਸ਼ਨ) ਦਾ ਗਠਨ ਕੀਤਾ ਗਿਆ ਸੀ। ਇਸ ਪੈਨਲ ਨੇ 30 ਜੂਨ, 2016 ਨੂੰ ਆਪਣੀ ਰਿਪੋਰਟ ਸੌਂਪੀ ਸੀ, ਜਿਸ 'ਚ ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਗਿਆ ਕਿ ਬੇਅਦਬੀ ਮਾਮਲਿਆਂ ਸਬੰਧੀ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। 

ਇਕ ਅੰਗਰੇਜ਼ੀ ਅਖਬਾਰ ਨਾਲ ਗੱਲਬਾਤ ਦੌਰਾਨ ਜਸਟਿਸ ਜ਼ੋਰਾ ਸਿੰਘ (ਸੇਵਾਮੁਕਤ) ਨੇ ਕਿਹਾ ਕਿ ਉਨ੍ਹਾਂ ਨੇ ਲਿਖਤੀ ਤੇ ਜ਼ੁਬਾਨੀ ਤੌਰ 'ਤੇ ਆਪਣੀ ਰਿਪੋਰਟ ਸੌਂਪ ਦਿੱਤੀ। ਉਨ੍ਹਾਂ ਕਿਹਾ ਕਿ ਧਰਨੇ 'ਤੇ ਬੈਠੀ ਸਿੱਖ ਸੰਗਤ 'ਤੇ ਗੋਲੀਆਂ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ, ਕਮਿਸ਼ਨ ਦੀ ਜਾਂਚ ਦਾ ਹਿੱਸਾ ਨਹੀਂ ਸੀ। ਉਨ੍ਹਾਂ ਨੇ ਰਣਜੀਤ ਪੈਨਲ ਦੀ ਰਿਪੋਰਟ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਮੇਰੀ ਰਿਪੋਰਟ 'ਤੇ ਕਾਰਵਾਈ ਕਰਨਾ ਜਾਂ ਨਾ ਕਰਨਾ ਸਰਕਾਰ 'ਤੇ ਨਿਰਭਰ ਹੈ।