ਸਰਕਾਰ ਮ੍ਰਿਤਕ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦੇਵੇ : ਖਹਿਰਾ

Tuesday, May 12, 2020 - 07:27 PM (IST)

ਭੁਲੱਥ (ਭੂਪੇਸ਼) : ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਸਾਬਕਾ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚੋਂ ਡਰੱਗ ਦੇ ਕੋਹੜ ਨੂੰ ਖਤਮ ਕਰਨ ਦੇ ਬੋਗਸ ਦਾਅਵੇ ਕਰ ਰਹੇ ਹਨ ਪਰ ਉੱਥੇ ਹੀ ਉਨ੍ਹਾਂ ਦੀ ਪੁਲਸ ਦੇ ਕਈ ਅਫਸਰ ਵੀ ਨਸ਼ੇ ਕਰਨ ਅਤੇ ਨਸ਼ੇ ਵੇਚਣ 'ਚ ਮਸ਼ਰੂਫ ਹਨ ਅਤੇ ਬੇ ਕਸੂਰ ਲੋਕਾਂ ਨੂੰ ਆਪਣੀਆਂ ਗੋਲੀਆਂ ਦਾ ਸ਼ਿਕਾਰ ਬਣਾ ਰਹੇ ਹਨ । ਥਾਣਾ ਢਿੱਲਵਾਂ ਵਿਖੇ ਤਾਇਨਾਤ ਨਸ਼ੇ ਵਿਚ ਧੁੱਤ ਏ. ਐੱਸ. ਆਈ. ਪਰਮਜੀਤ ਸਿੰਘ ਵੱਲੋਂ ਬੀਤੇ ਦਿਨੀਂ ਪਿੰਡ ਲੱਖਣ ਕੇ ਪੱਡਾ ਦੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਜਿਸ ਦੀ ਉਹ ਪੁਰਜ਼ੋਰ ਸ਼ਬਦਾਂ ਨਾਲ ਨਿਖੇਧੀ ਕਰਦੇ ਹਨ।

ਇਹ ਵੀ ਪੜ੍ਹੋ : ਮੰਤਰੀਆਂ ਤੇ ਅਫਸਰਸ਼ਾਹੀ ਵਿਚਾਲੇ ਚੱਲੀ ਜੰਗੀ 'ਚ ਰਾਜਾ ਵੜਿੰਗ ਦੀ ਐਂਟਰੀ, ਟਵਿੱਟਰ 'ਤੇ ਕੱਢੀ ਭੜਾਸ

ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਆਪਣੀਆਂ ਬੰਦ ਅੱਖਾਂ ਖੋਲਣੀਆਂ ਚਾਹੀਦੀਆਂ ਹਨ ਅਤੇ ਪੁਲਸ ਤੇ ਨਸ਼ਾ ਸਮੱਗਲਰਾਂ ਦੀ ਗੰਡ ਤੁੱਪ ਦਾ ਖੁਲਾਸਾ ਕਰਨਾ ਚਾਹੀਦਾ ਹੈ। ਖਹਿਰਾ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਮਸ਼ਹੂਰ ਅੰਤਰ ਰਾਸ਼ਟਰੀ ਖਿਡਾਰੀ ਦਾ ਕਤਲ ਕਰਨ ਵਾਲੇ ਪਰਮਜੀਤ ਸਿੰਘ ਅਤੇ ਉਸਦੇ ਸਾਥੀ ਖਿਲਾਫ ਸਖਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਲਈ ਮਿਸਾਲ ਬਣ ਸਕੇ। ਖਹਿਰਾ ਨੇ ਮੰਗ ਕੀਤੀ ਕਿ ਸਰਕਾਰ ਮ੍ਰਿਤਕ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।


Gurminder Singh

Content Editor

Related News