ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ CM ਮਾਨ ਨੇ ਕੀਤਾ ਐਲਾਨ- ''ਭਗਤ ਕਬੀਰ ਧਾਮ'' ਦੀ ਕੀਤੀ ਜਾਵੇਗੀ ਸਥਾਪਨਾ

Sunday, Jun 23, 2024 - 04:12 AM (IST)

ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ CM ਮਾਨ ਨੇ ਕੀਤਾ ਐਲਾਨ- ''ਭਗਤ ਕਬੀਰ ਧਾਮ'' ਦੀ ਕੀਤੀ ਜਾਵੇਗੀ ਸਥਾਪਨਾ

ਹੁਸ਼ਿਆਰਪੁਰ (ਘੁੰਮਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। 

ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ ’ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।

ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ’ਤੇ ਸਹੀ ਮਾਅਨਿਆਂ ’ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ। ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ।

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁਢਲਾ ਜੀਵਨ ਇਕ ਮੁਸਲਿਮ ਪਰਿਵਾਰ ਵਿਚ ਬੀਤਿਆ ਸੀ ਪਰ ਉਹ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ।

ਇਹ ਵੀ ਪੜ੍ਹੋ- ਬਾਲ ਮਜ਼ਦੂਰੀ ਦੀ ਅਲਾਮਤ ਖ਼ਤਮ ਕਰਨ ਲਈ ਸਰਕਾਰ ਦੀ ਨਿਵੇਕਲੀ ਪਹਿਲ, 155 ਬੱਚਿਆਂ ਨੂੰ ਕਰਵਾਇਆ ਮੁਕਤ

ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ’ਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜ਼ੁਲਮ, ਬੇਇਨਸਾਫ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਵਿਰਵਾ ਰੱਖਿਆ ਤਾਂ ਜੋ ਉਹ ਸਮਾਜ ਵਿਚ ਤਰੱਕੀ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਚਾਹੁੰਦੇ ਹਨ ਕਿ ਗਰੀਬ ਪਰਿਵਾਰਾਂ ਦਾ ਬੱਚਾ ਹਮੇਸ਼ਾ ਉਨ੍ਹਾਂ ਦੇ ਰਹਿਮੋ-ਕਰਮ ’ਤੇ ਰਹੇ ਅਤੇ ਕਦੇ ਤਰੱਕੀ ਨਾ ਕਰੇ। ਇਸ ਦੇ ਉਲਟ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਗਰੀਬ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਉਤੇ ਖੜ੍ਹਾ ਕਰਨ ਲਈ ਦ੍ਰਿੜ੍ਹ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸਾਡੀਆਂ ਕੋਸ਼ਿਸ਼ਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣ ਲੱਗਾ ਹੈ ਕਿਉਂਕਿ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ। ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ।

PunjabKesari

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿਚ ਨਾਮਵਰ ਅਹੁਦਿਆਂ ’ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।

ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਹਿਤੈਸ਼ੀ ਅਤੇ ਵਿਕਾਸ ਪੱਖੀ ਰੁਖ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਆਲੋਚਨਾ ਬੇਤੁੱਕੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਰੋਧੀਆਂ ਦੀ ਇਹ ਚਾਲਾਂ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਨਹੀਂ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਇਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਵਰ ਪਲਾਂਟ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਹੁਣ ਤੱਕ ਕੀਤੀ ਗਈ ਸਭ ਤੋਂ ਸਸਤੀ ਖਰੀਦ ਹੈ, ਜੋ ਇਕ ਇਤਿਹਾਸਕ ਪਹਿਲਕਦਮੀ ਹੈ। ਇਸੇ ਤਰ੍ਹਾਂ 90 ਫੀਸਦੀ ਬਿਜਲੀ ਖਪਤਕਾਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਪਰ ਇਸ ਸਭ ਕੁਝ ਦੇ ਬਾਵਜੂਦ ਵਿਰੋਧੀ ਧਿਰ ਕਦੇ ਵੀ ਇਸ ਦੀ ਸ਼ਲਾਘਾ ਨਹੀਂ ਕਰਦੀ।

ਮੁੱਖ ਮੰਤਰੀ ਨੇ ਕਿਹਾ, ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਹੀਂ ਆਉਣਗੇ।

ਇਹ ਵੀ ਪੜ੍ਹੋ- 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇਛਾਵਾਂ ਪੂਰੀਆਂ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਉਦੇਸ਼ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਸਿਲੇਬਸ ਵਿਚ ਲੋੜੀਂਦੀਆਂ ਸੋਧਾਂ ਕਰੇਗੀ ਤਾਂ ਕਿ ਨੌਜਵਾਨਾਂ ਵਿਚ ਸਾਕਾਰਤਮਿਕ ਊਰਜਾ ਭਰੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਖਾਕਾ ਤਿਆਰ ਕੀਤਾ ਗਿਆ ਅਤੇ ਆਉਂਦੇ ਦਿਨਾਂ ਨੂੰ ਇਸ ਨੂੰ ਲਾਗੂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖੀ ਜੀਵਨ ਵਿਚ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਜਿਹਾ ਕਰਨਾ ਸਮੇਂ ਦੀ ਲੋੜ ਹੈ।

PunjabKesari

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਨੇ ਇਹ ਮਾਮਲਾ ਨਹੀਂ ਉਠਾਇਆ ਸੀ ਪਰ ਉਨ੍ਹਾਂ ਵੱਲੋਂ ਮਸਲਾ ਚੁੱਕਣ ਤੋਂ ਬਾਅਦ ਸੰਸਦ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪਲ ਸਨ, ਜਿਸ ਕਰ ਕੇ ਉਨ੍ਹਾਂ ਨੂੰ ਮਾਨਸਿਕ ਸੰਤੁਸ਼ਟੀ ਹੋਈ ਕਿਉਂਕਿ ਕੌਮੀ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਪਹਿਲੀ ਵਾਰ ਯਾਦ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਡਾ. ਰਵਜੋਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News