ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ ''ਚ ਸੁਲਝੀ, ਮੁੱਖ ਮੁਲਜ਼ਮ ਆਇਆ ਅੜਿੱਕੇ
Tuesday, Jun 02, 2026 - 09:08 PM (IST)
ਗੁਰਦਾਸਪੁਰ, (ਹਰਮਨ) - ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੀ ਕਾਰਵਾਈ ਕਰਦਿਆਂ ਕਲਾਨੌਰ ਵਿੱਚ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਸਿਰਫ਼ 6 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਪੁਲਸ ਨੇ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਹਮਲੇ ਦੇ ਪਿੱਛੇ ਇੱਕ ਵਿਦੇਸ਼ ਵਿੱਚ ਬੈਠੇ ਹੈਂਡਲਰ ਦੀ ਭੂਮਿਕਾ ਸਾਹਮਣੇ ਆਈ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਇਸ ਹਮਲੇ ਨਾਲ ਜੁੜੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਕਲਾਨੌਰ ਬੱਸ ਅੱਡੇ ਦੇ ਨੇੜੇ ਸਥਿਤ ਮੁਲਤਾਨੀ ਹਸਪਤਾਲ ਵਿੱਚ ਦੁਪਹਿਰ ਕਰੀਬ 2:30 ਵਜੇ ਇੱਕ ਅਣਪਛਾਤਾ ਵਿਅਕਤੀ ਐਮਰਜੈਂਸੀ ਵਾਰਡ ਵਿੱਚ ਦਾਖਲ ਹੋਇਆ ਸੀ ਅਤੇ ਉਸ ਵੱਲੋਂ ਵਿਸਫੋਟਕ ਸਮੱਗਰੀ ਸੁੱਟੀ ਗਈ ਸੀ। ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਸਪਤਾਲ ਦੇ ਸ਼ੀਸ਼ਿਆਂ, ਦਰਵਾਜ਼ਿਆਂ ਅਤੇ ਹੋਰ ਸਮਾਨ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ।
ਘਟਨਾ ਤੋਂ ਤੁਰੰਤ ਬਾਅਦ ਗੁਰਦਾਸਪੁਰ ਪੁਲਿਸ ਨੇ ਹਮਲਾਵਰ ਨੂੰ ਕਾਬੂ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਹਸਪਤਾਲ ਦੇ ਡਾਕਟਰ ਐਸ.ਪੀ. ਸਿੰਘ ਮੁਲਤਾਨੀ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਪਿਛਲੇ ਸਾਲ ਵੀ ਫਿਰੌਤੀ ਦੀਆਂ ਧਮਕੀ ਭਰੀਆਂ ਕਾਲਾਂ ਆਈਆਂ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਹਾਲਾਂਕਿ ਕੁਝ ਸਮਾਂ ਪਹਿਲਾਂ ਇਹ ਸੁਰੱਖਿਆ ਹਟਾ ਲਈ ਗਈ ਸੀ ਅਤੇ ਹੁਣ ਇਹ ਵਾਰਦਾਤ ਵਾਪਰੀ ਹੈ।
ਬੰਬ ਧਮਾਕੇ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ ਸੀ, ਜਿਸ ਕਾਰਨ ਆਸ-ਪਾਸ ਦੇ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਸੀ, ਪਰ ਗੁਰਦਾਸਪੁਰ ਪੁਲਿਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਮਾਮਲੇ ਨੂੰ ਟਰੇਸ ਕਰਕੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲੈਣ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ।
ਐਸਐਸਪੀ ਅਦਿੱਤਿਆ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰ ਰਹੇ ਅਪਰਾਧਿਕ ਅਤੇ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਰੋਸੇ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।
