ਭਾਜਪਾ ਆਗੂ ਕਮਲ ਸ਼ਰਮਾ ਦਾ ਜੱਦੀ ਪਿੰਡ 'ਚ ਹੋਇਆ ਅੰਤਿਮ ਸੰਸਕਾਰ (ਵੀਡੀਓ)

10/28/2019 12:18:47 PM

ਫਿਰੋਜ਼ਪੁਰ (ਕੁਮਾਰ) - ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਮਿਤ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਮਲ ਸ਼ਰਮਾ ਦਾ ਸੰਸਕਾਰ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਨੇੜੇ ਸਥਿਤ ਸ਼ਮਸ਼ਾਨਘਾਟ 'ਚ ਕੀਤਾ ਗਿਆ। ਦੀਵਾਲੀ ਦੇ ਮੌਕੇ ਕਮਲ ਸ਼ਰਮਾ ਦੇ ਦਿਹਾਂਤ ਦੀ ਖਬਰ ਸੁਣਦਿਆਂ ਫਿਰੋਜ਼ਪੁਰ 'ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਸਪੁੱਤਰੀ ਸੋਨਾਲੀ ਜੇਤਲੀ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਪੰਜਾਬ ਬੀ.ਜੇ.ਪੀ. ਦੇ ਬੁਲਾਰੇ ਵਿਨੀਤ ਜੋਸ਼ੀ, ਕੇਂਦਰੀ ਪੈਟਰੋਲਿਅਮ ਮੰਤਰੀ ਧਰਮਿੰਦਰ ਪ੍ਰਧਾਨ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਕੇਂਦਰੀ ਬੁਲਾਰੇ ਆਰ.ਪੀ. ਸਿੰਘ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਭਾਜਪਾ ਸੂਬਾ ਪ੍ਰਧਾਨ ਵਿਜੈ ਸਾਂਪਲਾ, ਸਾਬਕਾ ਕੈਬਿਨਟ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਅਹੁਦੇਦਾਰ ਵਰਦੇਵ ਸਿੰਘ ਨੋਨੀ ਮਾਨ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ, ਗਰਵਨਰ ਪੰਜਾਬ ਵਲੋਂ ਡੀ.ਸੀ. ਚੰਦਰ ਗੈਂਦ, ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਤੋਂ ਇਲਾਵਾ ਜ਼ਿਲੇ ਦੀਆਂ ਕਈ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਲੋਕ ਸ਼ਾਮਲ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਸੀ.ਐੱਮ. ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕਮਲ ਸ਼ਰਮਾ ਜੀ ਸਾਡੇ ਹੋਣਹਾਰ ਵਰਕਰ ਅਤੇ ਆਗੂ ਸਨ। ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਬਣਾਉਣ ਅਤੇ ਭਾਜਪਾ ਸੰਗਠਨਾਤਮਕ ਢਾਂਚਾ ਤਿਆਰ ਕਰਨ 'ਚ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ। ਪੰਜਾਬ ਭਾਜਪਾ ਨੂੰ ਸਿਖਰਾਂ 'ਤੇ ਪਹੁੰਚਾਉਣ ਲਈ ਕਮਲ ਸ਼ਰਮਾ ਨੇ ਕੋਈ ਕਸਰ ਨਹੀਂ ਛੱਡੀ। ਉਨਾਂ ਦੇ ਜਾਣ ਨਾਲ ਪਾਰਟੀ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਮਲ ਸ਼ਰਮਾ ਜੀ ਪੰਜਾਬ ਭਾਜਪਾ ਦੇ ਬਹੁਤ ਸਨਮਾਨਯੋਗ ਆਗੂ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਅਤੇ ਦੇਸ਼ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ। ਉਨਾਂ ਦੇ ਜਾਣ ਨਾਲ ਪਾਰਟੀ ਨੂੰ ਜੋ ਨੁਕਸਾਨ ਹੋਇਆ, ਉਹ ਕਦੇ ਪੂਰਾ ਨਹੀਂ ਹੋ ਸਕਦਾ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਟਵੀਟਰ 'ਤੇ ਕਮਲ ਸ਼ਰਮਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਉਂਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

rajwinder kaur

This news is Content Editor rajwinder kaur