ਜਲੰਧਰ ''ਚ ਤਾਇਨਾਤ ਕਾਨੂੰਗੋ ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
Tuesday, Aug 05, 2025 - 06:05 PM (IST)

ਚੰਡੀਗੜ੍ਹ/ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਵਿਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ ਉਸ ਤੋਂ 6,000 ਰੁਪਏ ਰਿਸ਼ਵਤ ਮੰਗੀ ਸੀ ਪਰ 2000 ਰੁਪਏ ਰਿਸ਼ਵਤ ਵਸੂਲੀ ਗਈ ਸੀ। ਤਸਦੀਕ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਾਨੂੰਗੋ ਨੇ ਇਸ ਮਕਸਦ ਲਈ 6000 ਰੁਪਏ ਰਿਸ਼ਵਤ ਦੀ ਮੰਗੀ ਸੀ ਅਤੇ ਉਸ ਨੇ 2000 ਰੁਪਏ ਹਾਸਲ ਕੀਤੇ ਸਨ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ 'ਤੇ ਮੁਲਜ਼ਮ ਕਾਨੂੰਗੋ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।