‘ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਘਰ-ਘਰ ਪਹੁੰਚਾਉਣ ਲਈ ਕਰਵਾਏ ਜਾਣਗੇ ਗੁਰਮਤਿ ਸਮਾਗਮ’

02/16/2019 4:10:28 AM

ਕਪੂਰਥਲਾ (ਸੋਢੀ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੇਸ਼-ਵਿਦੇਸ਼ ’ਚ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਸਤਿਗੁਰੂ ਦਾ ਰੱਬੀ ਉਪਦੇਸ਼ ਘਰ-ਘਰ ਪਹੁੰਚਾਉਣ ਲਈ ਵੱਡੀ ਗਿਣਤੀ ’ਚ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਹ ਵਿਚਾਰ ਬਾਬਾ ਸੁਖਦੇਵ ਸਿੰਘ ਭੁੱਚੋ ਸਾਹਿਬ ਵਾਲਿਆਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ੍ਰਗਟਾਏ। ਉਨ੍ਹਾਂ ਸਮੂਹ ਸੰਗਤ ਨੂੰ 550 ਸਾਲਾਂ ਤੇ ਗੁਰਬਾਣੀ ਨਾਲ ਜੁਡ਼ਨ ਤੇ ਸਤਿਗੁਰੂ ਜੀ ਵਲੋਂ ਬਖਸ਼ੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਲਤਾਨਪੁਰ ਲੋਧੀ ਵਿਖੇ ਆਪਣੇ ਜੀਵਨ ਦਾ ਸਭ ਤੋਂ ਅਹਿਮ ਸਮਾਂ ਤਕਰੀਬਨ 15 ਸਾਲ ਗੁਜਾਰਿਆ ਤੇ ਇਸ ਨਗਰੀ ਤੇ ਮਿਹਰਾਂ ਦੀ ਵਰਖਾ ਕਰਦੇ ਹੋਏ ਇਥੋਂ ਦਾ ਕਣ-ਕਣ ਪਵਿੱਤਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਗੁਰਮਤਿ ਸਮਾਗਮ ਪੂਰਾ ਸਾਲ ਚਲਾਏ ਜਾਣਗੇ। ਇਸ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਅਮਰੀਕ ਸਿੰਘ ਕੋਟਸ਼ਮੀਰ ਤੇ ਹੋਰਨਾਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਸਨਮਾਨ ਕੀਤਾ। ਇਸ ਸਮੇਂ ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਮੀਤ ਮੈਨੇਜਰ ਕੁਲਵੰਤ ਸਿੰਘ, ਭੁਪਿੰਦਰ ਸਿੰਘ ਰਿਕਾਰਡ ਕੀਪਰ ਤੇ ਹੋਰਨਾਂ ਸ਼ਿਰਕਤ ਕੀਤੀ।