ਗੁਰਦੁਆਰਾ ਰਕਾਬਗੰਜ ਸਾਹਿਬ ''ਚ ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ
Tuesday, Jul 15, 2025 - 09:49 AM (IST)

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਅਤੇ ਅੰਗਹੀਣਾਂ ਵਾਸਤੇ ਲਿਫਟ ਦੀ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ। ਅਰਦਾਸ ਕਰ ਕੇ ਸ਼ੁਰੂ ਕੀਤੀ ਗਈ ਇਹ ਸੇਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ, ਬਾਬਾ ਸਤਨਾਮ ਸਿੰਘ ਜੀ ਤੇ ਸਾਥੀਆਂ ਦੀ ਦੇਖਰੇਖ ਹੇਠ ਮੁਕੰਮਲ ਹੋਵੇਗੀ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ: ਬੇਕਾਬੂ ਟਰੈਕਟਰ-ਟਰਾਲੀ ਹੇਠ ਆ ਕੇ 20 ਸਾਲਾ ਨੌਜਵਾਨ ਦੀ ਮੌਤ, ਇਕ ਜ਼ਖ਼ਮੀ
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਉਹ ਅਸਥਾਨ ਹੈ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਇਤਿਹਾਸਕ ਅਤੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਵਾਸਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤ ਆਉਂਦੀ ਹੈ। ਉਹਨਾਂ ਕਿਹਾ ਕਿ ਬਜ਼ੁਰਗਾਂ ਤੇ ਅੰਗਹੀਣਾਂ ਤੇ ਹੋਰ ਲੋੜਵੰਦਾਂ ਨੂੰ ਗੁਰੂ ਮਹਾਰਾਜ ਦਾ ਅਸਥਾਨ ਉੱਚਾ ਹੋਣ ਕਾਰਨ ਪੌੜੀਆਂ ਚੜ੍ਹਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮੁਸ਼ਕਿਲਾਂ ਨੂੰ ਵੇਖਦਿਆਂ ਅਸੀਂ ਫੈਸਲਾ ਕੀਤਾ ਹੈ ਕਿ ਸੰਗਤਾਂ ਦੀ ਸਹੂਲਤ ਵਾਸਤੇ ਇਥੇ ਲਿਫਟ ਲਗਾਈ ਜਾਵੇ।
ਇਹ ਵੀ ਪੜ੍ਹੋ : Postoffice ਦੀ ਸ਼ਾਨਦਾਰ ਯੋਜਨਾ : ਬਾਜ਼ਾਰ ਜੋਖ਼ਮ ਤੋਂ ਬਿਨਾਂ ਹਰ ਮਹੀਨੇ ਘਰ ਬੈਠੇ ਮਿਲਣਗੇ 20,000 ਰੁਪਏ
ਉਹਨਾਂ ਕਿਹਾ ਕਿ ਲਿਫਟ ਗਰਾਊਂਡ ਫਲੋਰ ਤੋਂ ਹੀ ਸ਼ੁਰੂ ਹੋਵੇਗੀ ਜਿਸ ਨਾਲ ਵ੍ਹੀਲ ਚੇਅਰ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ। ਬਾਬਾ ਬਚਨ ਸਿੰਘ ਦੀ ਅਗਵਾਈ ਹੇਠ ਸਹੂਲਤ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਸੇਵਾ ਆਰੰਭੀ ਗਈ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵੱਡਮੁੱਲੀ ਸੇਵਾ ਵਾਸਤੇ ਉਹ ਬਾਬਾ ਜੀ ਨੂੰ ਵੱਧ-ਚੜ੍ਹ ਕੇ ਸਹਿਯੋਗ ਦੇਣ ਤਾਂ ਜੋ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8