ਕਰਤਾਰਪੁਰ ਲਾਂਘਾ ਖੁੱਲ੍ਹਣ ''ਤੇ ਵੀ ਟੁੱਟੀ ''ਲੱਖਾਂ ਸਿੱਖਾਂ'' ਦੀ ਆਸ, ਜਾਣੋ ਕੀ ਹੈ ਕਾਰਨ
Monday, Nov 11, 2019 - 09:35 AM (IST)

ਚੰਡੀਗੜ੍ਹ : ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਪਿਛਲੇ 70 ਸਾਲਾਂ ਦੀ ਸਿੱਖ ਕੌਮ ਦੀ ਅਰਦਾਸ ਤਾਂ ਪੂਰੀ ਹੋ ਗਈ ਹੈ ਪਰ ਲਾਂਘਾ ਖੁੱਲ੍ਹਣ ਦੇ ਬਾਵਜੂਦ ਵੀ ਲੱਖਾਂ ਸਿੱਖ ਸ਼ਰਧਾਲੂਆਂ ਦੀ ਆਸ ਟੁੱਟ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਜਿਨ੍ਹਾਂ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹੈ, ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਦੇ ਹਨ। ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਰੱਖੀ ਹੈ, ਜਿਸ ਕਾਰਨ ਲੱਖਾਂ ਲੋਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਸ਼ਰਧਾ ਪੂਰੀ ਨਹੀਂ ਕਰ ਸਕਣਗੇ।
ਅਜਿਹੇ ਸ਼ਰਧਾਲੂ ਲਾਂਘਾ ਖੁੱਲ੍ਹਣ ਤੋਂ ਬਾਅਦ ਵੀ ਡੇਰਾ ਬਾਬਾ ਨਾਨਕ ਵਿਖੇ ਖੜ੍ਹੇ ਹੋ ਕੇ ਅਰਦਾਸ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਕੋਈ ਹੋਰ ਰਾਹ ਨਹੀਂ ਹੈ। ਪੰਜਾਬ 'ਚ ਅਜਿਹੇ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ। ਇਸ ਲਈ ਉਹ ਅਜੇ ਵੀ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰੂ ਘਰ ਦੇ ਦਰਸ਼ਨਾਂ ਤੋਂ ਵਾਂਝੇ ਰਹਿਣਗੇ। ਇਨ੍ਹਾਂ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਲਾਂਘੇ ਦਾ ਫਾਇਦਾ ਉਦੋਂ ਹੀ ਹੋਵੇਗਾ, ਜਦੋਂ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਦੂਜੇ ਪਾਸੇ ਬਹੁਤ ਸਾਰੇ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਲਈ ਅਰਜ਼ੀਆਂ ਦੇ ਦਿੱਤੀਆਂ ਹਨ।