ਕਰਤਾਰਪੁਰ ਲਾਂਘੇ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਲਿਜਾਵੇਗੀ ਪੰਜਾਬ ਵਜ਼ਾਰਤ
Wednesday, Aug 22, 2018 - 12:08 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਲਾਂਘੇ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਸਿੱਖ ਸੰਗਤ ਲਈ ਪਾਕਿਸਤਾਨ ਵਿਚਲੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਲਾਂਘਾ ਦੇਣ ਦਾ ਮੁੱਦਾ ਪਾਕਿਸਤਾਨ ਦੇ ਹੁਕਮਰਾਨਾਂ ਕੋਲ ਚੁੱਕਿਆ ਜਾ ਸਕੇ। ਲਾਂਘਾ ਦੇਣ ਦੀ ਗੱਲ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਕਿਨਾਰੇ ਨਹੀਂ ਲੱਗੀ। ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ਤੋਂ ਕਰਤਾਰਪੁਰ ਦਾ ਗੁਰਦੁਆਰਾ ਸਿਰਫ 3-4 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।
ਇਸ ਗੁਰਦੁਆਰੇ ਦੇ ਦਰਸ਼ਨਾਂ ਲਈ ਸਿੱਖ ਸੰਗਤ ਕਾਫੀ ਸਮੇਂ ਤੋਂ ਲਾਂਘਾ ਦੇਣ ਦੀ ਮੰਗ ਕਰਦੀ ਆ ਰਹੀ ਹੈ। ਇਸ ਦੇ ਲਈ ਪੰਜਾਬ ਵਜ਼ਾਰਤ ਦਾ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਲੇਗਾ ਤੇ ਲਾਂਘੇ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ 'ਤੇ ਜ਼ੋਰ ਦੇਵੇਗਾ। ਇਸ ਮੌਕੇ ਮੰਗ ਕੀਤੀ ਜਾਵੇਗੀ ਕਿ ਜੇਕਰ ਲਾਂਘਾ ਪੱਕੇ ਤੌਰ 'ਤੇ ਨਹੀਂ ਦਿੱਤਾ ਜਾ ਸਕਦਾ ਤਾਂ ਸ਼ਤਾਬਦੀ ਸਮਾਰੋਹਾਂ ਤੱਕ ਵਕਤੀ ਤੌਰ 'ਤੇ ਦਿੱਤਾ ਜਾਵੇ।
