ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਕੀਤੀ ਗਈ ਟਿੱਪਣੀ ਦਾ ਕੋਈ ਧਾਰਮਿਕ ਸਬੰਧ ਨਹੀਂ : DGP ਗੁਪਤਾ

02/23/2020 1:17:48 AM

ਜਲੰਧਰ,(ਧਵਨ)- ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਦਿਨਕਰ ਗੁਪਤਾ ਨੇ ਉਨ੍ਹਾਂ ਦੀਆਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਦਾ ਵਿਰੋਧ ਕਰਨ 'ਤੇ ਹੈਰਾਨੀ ਤੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਸਹੀ ਅਰਥਾਂ ਵਿਚ ਸਮਝਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਕੋਰੀਡੋਰ ਖੁੱਲ੍ਹਣ ਨਾਲ ਉਨ੍ਹਾਂ ਨੂੰ ਸਭ ਤੋਂ ਵੱਧ ਖੁਸ਼ੀ ਹੋਈ ਹੈ ਕਿਉਂਕਿ ਲੱਖਾਂ-ਕਰੋੜਾਂ ਸ਼ਰਧਾਲੂਆਂ ਦੀ ਦਹਾਕਿਆਂ ਪੁਰਾਣੀ ਉਮੀਦ ਪੂਰੀ ਹੋਈ ਹੈ, ਜਿਨ੍ਹਾਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੀ ਵਿਚਾਰਧਾਰਾ 'ਚ ਪੂਰੀ ਆਸਥਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਨਾਲ ਵੰਡ ਤੋਂ ਬਾਅਦ ਪਾਕਿਸਤਾਨ ਵਿਚ ਰਹਿ ਗਏ ਧਾਰਮਿਕ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਸੰਭਵ ਹੋ ਸਕੇ। ਉਨ੍ਹਾਂ ਲਈ ਖੁਸ਼ੀ ਦੀ ਗੱਲ ਇਹ ਵੀ ਹੈ ਕਿ ਕਰਤਾਰਪੁਰ ਕੋਰੀਡੋਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਖੋਲ੍ਹਿਆ ਗਿਆ।

ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਸੂਬਾ ਸਰਕਾਰ ਤੇ ਉਨ੍ਹਾਂ ਦੀਆਂ ਏਜੰਸੀਆਂ ਜਿਨ੍ਹਾਂ 'ਚ ਪੰਜਾਬ ਪੁਲਸ ਵੀ ਸ਼ਾਮਲ ਹੈ, ਨੇ ਇਸ ਇਤਿਹਾਸਕ ਸਮਾਗਮ ਨੂੰ ਮਨਾਉਣ ਲਈ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਡੀ. ਜੀ. ਪੀ. ਹੋਣ ਦੇ ਨਾਤੇ ਉਹ ਭਰੋਸਾ ਦਿੰਦੇ ਹਨ ਕਿ ਅਸੀਂ ਪਵਿੱਤਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਰੁਕਾਵਟਾਂ ਤੋਂ ਦੂਰ ਰੱਖਾਂਗੇ। ਗੁਪਤਾ ਨੇ ਕਿਹਾ ਕਿ ਡੀ. ਜੀ. ਪੀ. ਹੋਣ ਵਜੋਂ ਉਨ੍ਹਾਂ ਦਾ ਇਹ ਵੀ ਫਰਜ਼ ਬਣਦਾ ਹੈ ਕਿ ਉਹ ਹਿੰਸਕ ਗਤੀਵਿਧੀਆਂ ਨੂੰ ਲੈ ਕੇ ਵੀ ਲੋਕਾਂ ਨੂੰ ਜਾਗਰੂਕ ਕਰਨ, ਜਿਨ੍ਹਾਂ ਨੂੰ ਹੁਣ ਵੀ ਸਰਹੱਦ ਪਾਰ ਤੋਂ ਸਮਰਥਨ ਮਿਲ ਰਿਹਾ ਹੈ। ਇਸ ਲਈ ਸਾਨੂੰ ਸੁਚੇਤ ਰਹਿਣ ਦੀ ਵੀ ਲੋੜ ਹੈ। ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਸਿਰਫ ਇੰਨਾ ਕਿਹਾ ਸੀ ਕਿ ਕੁਝ ਸ਼ਰਾਰਤੀ ਅਨਸਰ ਜੋ ਭਾਰਤ ਦੇ ਖਿਲਾਫ ਹਨ, ਉਹ ਅਜਿਹੇ ਹਰੇਕ ਮੌਕੇ ਦਾ ਫਾਇਦਾ ਉਠਾ ਸਕਦੇ ਹਨ ਤਾਂ ਜੋ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕੀਤਾ ਜਾ ਸਕੇ।

ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਟਿੱਪਣੀ ਸਿਰਫ ਪੰਜਾਬ ਤੇ ਭਾਰਤ ਦੀ ਸੁਰੱਖਿਆ ਸਬੰਧੀ ਸੀ। ਉਨ੍ਹਾਂ ਦੇ ਬਿਆਨ ਦਾ ਕਿਸੇ ਧਰਮ ਜਾਂ ਭਾਈਚਾਰੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਸਗੋਂ ਉਨ੍ਹਾਂ ਦਾ ਸਿਰਫ ਇਹੀ ਕਹਿਣਾ ਸੀ ਕਿ ਕੁਝ ਦੇਸ਼ ਵਿਰੋਧੀ ਅਨਸਰ ਅਜਿਹੇ ਮੌਕਿਆਂ ਦਾ ਗਲਤ ਫਾਇਦਾ ਉਠਾ ਸਕਦੇ ਹਨ। ਜਿਨ੍ਹਾਂ ਨੂੰ ਦੇਖਦਿਆਂ ਸਾਨੂੰ ਕਿਸੇ ਵੀ ਸੰਭਾਵਿਤ ਖਤਰੇ ਦਾ ਸਾਹਮਣਾ ਕਰਨ ਲਈ ਸੁਚੇਤ ਰਹਿਣਾ ਹੋਵੇਗਾ ਤਾਂ ਜੋ ਸੂਬੇ ਵਿਚ ਅਮਨ-ਸ਼ਾਂਤੀ ਬਣੀ ਰਹੇ ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਖਤਰਾ ਪੈਦਾ ਨਾ ਹੋਵੇ। ਪੰਜਾਬ ਨੇ ਪਹਿਲਾਂ ਹੀ ਲੰਬੇ ਸਮੇਂ ਤੱਕ ਅੱਤਵਾਦ ਦਾ ਸੰਤਾਪ ਝੱਲਿਆ ਹੈ।

ਸ੍ਰੀ ਕਰਤਾਰਪੁਰ ਸਾਹਿਬ ਲਈ ਪਹਿਲਾ ਜਥਾ ਰਵਾਨਾ ਕਰਨ ਸਮੇਂ ਮੈਂ ਖੁਦ ਮੌਜੂਦ ਸੀ
ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਜਦੋਂ ਡੇਰਾ ਬਾਬਾ ਨਾਨਕ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਗਿਆ ਸੀ ਤਾਂ ਉਸ ਸਮੇਂ ਉਹ ਖੁਦ ਮੌਕੇ 'ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਿਛਲੇ 4 ਮਹੀਨਿਆਂ 'ਚ ਪੰਜਾਬ ਪੁਲਸ ਨੇ 51000 ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਵਾਉਣ ਵਿਚ ਸਹਿਯੋਗ ਦਿੱਤਾ ਹੈ ਤੇ ਅਸੀਂ ਅੱਗੇ ਵੀ ਅਜਿਹੀਆਂ ਕੋਸ਼ਿਸ਼ਾਂ ਇੰਝ ਹੀ ਜਾਰੀ ਰੱਖਾਂਗੇ।


Related News