ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ

Tuesday, Oct 27, 2026 - 01:59 PM (IST)

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਨੂੰ ਸੰਗਤ ਲਈ ਮੁੜ ਤੋਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਤਾ ਪੇਸ਼ ਕੀਤਾ। 

ਮਤਾ ਪੇਸ਼ ਕਰਦਿਆਂ ਬੈਂਸ ਨੇ ਕਿਹਾ ਕਿ ਲਾਂਘੇ ਦਾ ਖੁਲ੍ਹਾ ਰਹਿਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਜੁੜਿਆ ਹੋਇਆ ਮਸਲਾ ਹੈ। ਸਦਨ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਨਿਰਵਿਘਨ ਤੇ ਨਿਯਮਿਤ ਤੌਰ 'ਤੇ ਖੁੱਲ੍ਹਾ ਰੱਖਣ ਅਤੇ ਇਸ ਨੂੰ ਮੁੜ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਪਾਕਿਸਤਾਨ ਸਰਕਾਰ ਨਾਲ ਕੂਟਨੀਤਿਕ ਪੱਧਰ ਤੇ ਗੱਲਬਾਤ ਕਰਕੇ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਸੁਰੱਖਿਅਤ, ਸੁਖਾਲੀ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸ੍ਰੀ ਕਰਾਤਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਗੂ ਪ੍ਰਕੀਰਿਆ ਨੂੰ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਸਰਲ ਬਣਾਉਣਾ ਤੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਦਰਸ਼ਨ ਦਾ ਮੌਕਾ ਦੇਣ ਲਈ ਢੁਕਵੇਂ ਉਪਰਾਲੇ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ। 

ਦੁਨੀਆ ਭਰ ਵਿਚ ਵੱਸਦੀ ਸਿੱਖ ਸੰਗਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿਚ ਵਿਸ਼ਵਾਸ ਰੱਖਣ ਵਾਲੇ ਹੋਰ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਪਵਿੱਤਰ ਲਾਂਘੇ ਨੂੰ ਧਾਰਮਿਕ ਆਸਥਾ, ਸ਼ਾਂਤੀ ਅਤੇ ਮਨੁੱਖੀ ਸਾਂਝ ਦੇ ਪ੍ਰਤੀਕ ਵਜੋਂ ਨਿਰੰਤਰ ਚਾਲੂ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇ। ਸਦਨ ਵੱਲੋਂ ਵਿਸ਼ਵਾਸ ਪ੍ਰਗਟਾਇਆ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਦੀ ਆਸਥਾ ਦਾ ਸਤਿਕਾਰ ਕਰਨ ਦੇ ਨਾਲ-ਨਾਲ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਮਜ਼ਬੂਤ ਕਰੇਗਾ।


author

Anmol Tagra

Content Editor

Related News