ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ : ਸੁਖਬੀਰ ਬਾਦਲ

11/15/2019 8:09:38 PM

ਚੰਡੀਗੜ੍ਹ,(ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੋਵੇਂ ਦੇਸ਼ਾਂ ਵਿਚਕਾਰ ਸਹੀ ਬੰਦ ਹੋਏ ਐੱਮ. ਓ. ਯੂ. ਵਿਚ ਸੋਧ ਕਰਨ ਲਈ ਪਾਕਿਸਤਾਨ ਨੂੰ ਬੇਨਤੀ ਕਰਨ। ਇਸ ਸਮਝੌਤੇ 'ਚੋਂ ਉਸ ਸ਼ਰਤ ਨੂੰ ਹਟਾ ਦੇਣ, ਜਿਹੜੀ ਕਰਤਾਰਪੁਰ ਲਾਂਘੇ ਦਾ ਇਸਤੇਮਾਲ ਕਰਨ ਵਾਲੇ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਬਣਾਉਂਦੀ ਹੈ। ਇਸ ਤੋਂ ਇਲਾਵਾ ਉਹ ਜਾਂਚ-ਪੜਤਾਲ ਤੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਸੌਖੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕਣ।

ਇਸ ਸੰਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ  ਬਾਦਲ ਨੇ ਕਿਹਾ ਕਿ ਲੱਖਾਂ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਲਈ ਦਸਤਾਵੇਜ਼ਾਂ ਦੀ ਜਾਂਚ ਦੀ ਪੇਚੀਦਾ ਪ੍ਰਕਿਰਿਆ ਤੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਇਸ ਪਾਵਨ ਤੀਰਥ ਅਸਥਾਨ ਦੀ ਯਾਤਰਾ ਦੇ ਰਾਹ ਵਿਚ ਵੱਡਾ ਅੜਿੱਕਾ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਬਜਾਏ ਸਿਰਫ ਸੈਕੜਿਆਂ ਦੀ ਗਿਣਤੀ 'ਚ ਹੀ ਸ਼ਰਧਾਲੂ ਇਸ ਤੀਰਥ ਅਸਥਾਨ ਦੀ ਯਾਤਰਾ ਲਈ ਜਾ ਰਹੇ ਹਨ ਕਿਉਂਕਿ ਤੀਰਥ ਯਾਤਰਾ 'ਤੇ ਜਾਣ ਦੇ ਚਾਹਵਾਨ ਜ਼ਿਆਦਾਤਰ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ। ਸ਼ਰਧਾਲੂ ਇਸ ਸ਼ਰਤ ਨੂੰ ਤੁਰੰਤ ਹਟਾਉਣ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਭਾਰਤ ਸਰਕਾਰ ਵਿਚਕਾਰ ਸਹੀਬੰਦ ਹੋਏ ਸਮਝੌਤੇ ਅਨੁਸਾਰ ਸ਼ਰਧਾਲੂਆਂ ਕੋਲ ਇਸ ਯਾਤਰਾ ਲਈ ਪਾਸਪੋਰਟ ਹੋਣਾ ਲਾਜ਼ਮੀ ਹੈ, ਜਦਕਿ ਪਾਸਪੋਰਟ ਉੱਤੇ ਕੋਈ ਮੋਹਰ ਨਹੀਂ ਲਾਈ ਜਾ ਰਹੀ ਹੈ ਅਤੇ ਸਾਰੇ ਸ਼ਰਧਾਲੂਆਂ ਨੂੰ ਆਮਦ/ ਵਾਪਸੀ ਲਈ ਇੱਕ ਸਲਿੱਪ ਜਾਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਾਸਪੋਰਟ ਦੀ ਲੋੜ ਇਸ ਲਈ ਨਹੀਂ ਹੈ ਕਿਉਂਕਿ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਦਰਬਾਰ ਸਾਹਿਬ ਤਕ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ। ਸਰਦਾਰ ਬਾਦਲ ਕਿਹਾ ਕਿ ਇਸ ਮੁੱਦੇ ਉੁੱਤੇ ਪਾਕਿਸਤਾਨ ਵੱਲੋਂ ਵੀ ਬੇਲੋੜਾ ਭੰਬਲਭੂਸਾ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਐਲਾਨ ਕਰ ਚੁੱਕਿਆ ਹੈ ਕਿ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਲੋੜ ਨਹੀਂ ਹੈ ਜਦਕਿ ਫੌਜੀ ਪ੍ਰਸਾਸ਼ਨ ਦਾ ਇਹ ਕਹਿਣਾ ਹੈ ਕਿ ਇਹ ਇੱਕ ਅਗਾਂਊ-ਸ਼ਰਤ ਹੈ ਅਤੇ ਉਹਨਾਂ ਵੱਲੋਂ ਸਿਰਫ ਪਾਸਪੋਰਟ ਵਾਲੇ ਸ਼ਰਧਾਲੂਆਂ ਨੂੰ ਹੀ ਇਹ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।


Related News