ਕੇਜਰੀਵਾਲ ਕੇਂਦਰ ਸਰਕਾਰ ਦੀ ਕਠਪੁਤਲੀ : ਸੁਖਬੀਰ ਬਾਦਲ

12/11/2020 11:13:14 PM

ਚੰਡੀਗੜ੍ਹ,(ਅਸ਼ਵਨੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਦਿੱਲੀ ਦੇ ਸਿਹਤ ਵਿਭਾਗ ਰਾਹੀਂ ਇਕ ਹਜ਼ਾਰ ਕਿਸਾਨਾਂ ਖਿਲਾਫ ਐੱਫ. ਆਈ. ਆਰ. ਦਰਜ ਕਰਵਾ ਕੇ ਸਿੰਘੂ ਬਾਰਡਰ 'ਤੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਖਿਲਾਫ ਤਾਕਤ ਦੀ ਵਰਤੋਂ ਦਾ ਆਧਾਰ ਤਿਆਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਰਮਨਾਕ ਕਾਰਵਾਈ ਨੇ ਸਾਬਤ ਕੀਤਾ ਹੈ ਕਿ ਕੇਜਰੀਵਾਲ ਕੇਂਦਰ ਦੀ ਕਠਪੁਤਲੀ ਹੈ, ਜੋ ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਹੀ ਕੰਮ ਕਰਦਾ ਹੈ ਅਤੇ ਕਿਸਾਨਾਂ ਵਾਸਤੇ ਸਿਰਫ ਮਗਰਮੱਛ ਦੇ ਹੰਝੂ ਵਹਾਉਂਦਾ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਨਵੇਂ ਖੇਤੀ ਐਕਟਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸਾਬਤ ਕੀਤਾ ਸੀ ਕਿ ਉਹ ਕਾਲੀ ਭੇਡ ਹੈ ਜਦਕਿ ਉਨ੍ਹਾਂ ਕਿਸਾਨਾਂ ਦੀ ਕਾਨੂੰਨ ਰੱਦ ਕਰਨ ਦੀ ਮੰਗ ਦਾ ਜਨਤਕ ਤੌਰ 'ਤੇ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਹਰ ਸੰਘਰਸ਼ ਦੇ ਸੱਦੇ 'ਚ 'ਲਿਪ' ਕਰੇਗੀ ਸ਼ਮੂਲੀਅਤ : ਬੈਂਸ

ਸੁਖਬੀਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਲੀ ਦੇ ਬਾਰਡਰਾਂ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਲ ਜਾਣ ਦਾ ਡਰਾਮਾ ਕਰਨ ਤੋਂ ਤੁਰੰਤ ਬਾਅਦ ਇਕ ਹੋਰ ਕਿਸਾਨ ਵਿਰੋਧੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਕਦਮਾਂ ਨੇ ਸਾਬਤ ਕੀਤਾ ਹੈ ਕਿ ਕੇਜਰੀਵਾਲ ਦੀ ਹਮਦਰਦੀ ਕੋਰਾ ਝੂਠ ਹੈ। ਉਹ ਨਾ ਸਿਰਫ ਕਿਸਾਨ ਵਿਰੋਧੀ ਹੈ ਬਲਕਿ ਉਸ ਨੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਨੂੰ ਤਾਕਤ ਦੀ ਵਰਤੋਂ ਨਾਲ ਦਬਾਉਣ ਵਾਸਤੇ ਆਪਣੇ-ਆਪ ਨੂੰ ਵਰਤੇ ਜਾਣ ਦੀ ਆਗਿਆ ਦੇ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਸਰਕਾਰ ਵਲੋਂ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੋਂ ਕਿਸਾਨਾਂ ਨੂੰ ਜ਼ਬਰੀ ਹਟਾਉਣ ਦੇ ਕਿਸੇ ਵੀ ਯਤਨ ਦਾ ਜ਼ੋਰਦਾਰ ਵਿਰੋਧ ਕਰਾਂਗੇ।

ਇਹ ਵੀ ਪੜ੍ਹੋ : ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ 'ਆਪ' ਦੇ ਕਨਵੀਨਰ ਦੇ ਧੋਖੇਬਾਜ਼ੀ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਹੁਣ ਵੀ 'ਆਪ' ਦੀਆਂ ਦਿੱਲੀ ਤੇ ਪੰਜਾਬ ਇਕਾਈਆਂ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਸਰਕਾਰ ਨੇ ਖੇਤੀ ਐਕਟ ਨੋਟੀਫਾਈ ਕੀਤੇ ਤਾਂ ਉਦੋਂ ਵੀ 'ਆਪ' ਦੀ ਪੰਜਾਬ ਇਕਾਈ ਨੇ ਰਾਸ਼ਟਰਪਤੀ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਬੇਨਤੀ ਕੀਤੀ ਸੀ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਦੋਗਲੇਪਨ ਦਾ ਸਿਖ਼ਰ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਸਰਕਾਰ ਨਾ ਸਿਰਫ ਖੇਤੀ ਕਾਨੂੰਨਾਂ ਦਾ ਨੋਟੀਫਿਕੇਸ਼ਨ ਰੱਦ ਕਰੇ ਬਲਕਿ ਆਪਣੇ ਸਿਹਤ ਵਿਭਾਗ ਨੂੰ ਹਦਾਇਤ ਕਰੇ ਕਿ ਉਹ ਕਿਸਾਨਾਂ ਖਿਲਾਫ ਦਰਜ ਕਰਵਾਈ ਆਪਣੀ ਸ਼ਿਕਾਇਤ ਵਾਪਿਸ ਲਵੇ।
 

Deepak Kumar

This news is Content Editor Deepak Kumar