ਕੇਜਰੀਵਾਲ ਤੇ ਭਗਵੰਤ ਮਾਨ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਮੁਹਿੰਮ ਕਰਨਗੇ ਸ਼ੁਰੂ

06/13/2023 1:12:27 PM

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਚੋਣ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸੂਬਿਆਂ ’ਚ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ ਅਕਤੂਬਰ-ਨਵੰਬਰ ਦੇ ਮਹੀਨੇ ’ਚ ਪ੍ਰਸਤਾਵਿਤ ਹਨ। ਚੋਣਾਂ ਵਾਲੇ ਸੂਬਿਆਂ ਦੇ ਵਰਕਰਾਂ ਵੱਲੋਂ ਲਗਾਤਾਰ ਮੰਗ ਆ ਰਹੀ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣ ਪ੍ਰਚਾਰ ਲਈ ਭੇਜਣ। ਭਗਵੰਤ ਮਾਨ ਦੇ ਭਾਸ਼ਣ ਦੇਣ ਦੀ ਕਲਾ ਤੋਂ ਵਰਕਰ ਕਾਫੀ ਪ੍ਰਭਾਵਿਤ ਹੋ ਰਹੇ ਹਨ। 18 ਜੂਨ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਰਾਜਸਥਾਨ ਦੇ ਚੋਣ ਦੌਰੇ ’ਤੇ ਜਾ ਰਹੇ ਹਨ। 25 ਜੂਨ ਨੂੰ ਉਨ੍ਹਾਂ ਦਾ ਮੱਧ ਪ੍ਰਦੇਸ਼ ਜਾਣ ਦਾ ਪ੍ਰੋਗਰਾਮ ਹੈ ਅਤੇ 2 ਜੁਲਾਈ ਨੂੰ ਉਹ ਛੱਤੀਸਗੜ੍ਹ ’ਚ ਚੋਣ ਰੈਲੀ ’ਚ ਹਿੱਸਾ ਲੈਣਗੇ। ਉਨ੍ਹਾਂ ਨੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 23 ਜੂਨ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਪਟਨਾ ਜਾ ਰਹੇ ਹਨ ਅਤੇ ਉਨ੍ਹਾਂ ਦਾ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ-ਮੁੱਖ ਮੰਤਰੀ ਤੇਜਸਵੀ ਯਾਦਵ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਇਸ ਪ੍ਰੋਗਰਾਮ ’ਚ ਉਹ ਦਿੱਲੀ ’ਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਉਨ੍ਹਾਂ ਦਾ ਸਮਰਥਨ ਹਾਸਲ ਕਰਨਗੇ ਅਤੇ ਉਨ੍ਹਾਂ ਨੂੰ ਰਾਜ ਸਭਾ ’ਚ ਕੇਂਦਰ ਸਰਕਾਰ ਦੇ ਬਿੱਲ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦੇਣਗੇ।

ਇਹ ਵੀ ਪੜ੍ਹੋ : ਦੋ ਮੌਜੂਦਾ ਐੱਮ.ਪੀ. ਭਾਜਪਾ ਦੇ ਹੋਣ ਲੱਗੇ ਨੇੜੇ ਤੇੜੇ! ਰਾਜਸੀ ਗਲਿਆਰਿਆਂ ’ਚ ਚਰਚਾ

ਜਿਨ੍ਹਾਂ ਸੂਬਿਆਂ ’ਚ ਕੇਜਰੀਵਾਲ ਅਤੇ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਜਾ ਰਹੇ ਹਨ, ਉੱਥੇ ਮੌਜੂਦਾ ਸਰਕਾਰਾਂ ਕਾਂਗਰਸ ਜਾਂ ਭਾਜਪਾ ਦੀਆਂ ਹਨ। ਰਾਜਸਥਾਨ ’ਚ ਕਾਂਗਰਸ ਦੀ ਸਰਕਾਰ ਹੈ, ਮੱਧ ਪ੍ਰਦੇਸ਼ ’ਚ ਭਾਜਪਾ ਦੀ ਸਰਕਾਰ ਕੰਮ ਕਰ ਰਹੀ ਹੈ, ਜਦੋਂ ਕਿ ਛੱਤੀਸਗੜ੍ਹ ’ਚ ਕਾਂਗਰਸ ਦੀ ਸਰਕਾਰ ਚੱਲ ਰਹੀ ਹੈ। ਦੋਵੇਂ ਆਗੂ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸੂਬਿਆਂ ਦੇ ਦੌਰੇ ’ਤੇ ਹਨ ਅਤੇ ਉਹ ਲਗਾਤਾਰ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਹੁਣ ਤੱਕ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਆਦਿ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਸਮਰਥਨ ਹਾਸਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਸਿੱਧੂ ਦੀ ‘ਜਾਦੂ ਕੀ ਜੱਫੀ’ ਨਾਲ ਫਿਰ ਬਵਾਲ, ਕਾਂਗਰਸ ’ਚ ਗਰਮਾਇਆ ਮਾਹੌਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Anuradha

This news is Content Editor Anuradha