ਕੇਜਰੀਵਾਲ ਦੀ ਮੁਆਫੀ ਨਾਲ ਮਜੀਠੀਆ ਦੋਸ਼ ਮੁਕਤ ਨਹੀਂ ਹੋ ਜਾਂਦਾ : ਕਾਂਗਰਸ
Saturday, Mar 17, 2018 - 07:36 AM (IST)
ਚੰਡੀਗੜ੍ਹ (ਬਿਊਰੋ) - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੰਗੀ ਮੁਆਫੀ 'ਤੇ ਟਿੱਪਣੀ ਕਰਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੂੰ ਇੰਨੀ ਕਿਹੜੀ ਕਾਹਲੀ ਸੀ ਕਿ ਉਸਨੇ ਸ਼ਰਮਨਾਕ ਢੰਗ ਨਾਲ ਹਾਰ ਮੰਨ ਲਈ, ਜਦੋਂ ਕਿ ਅਦਾਲਤ ਨੇ ਇਸ ਮਾਮਲੇ ਵਿਚ ਅਜੇ ਫੈਸਲਾ ਸੁਣਾਉਣਾ ਹੈ ਅਤੇ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ।
ਇਸ ਦੌਰਾਨ ਰੰਧਾਵਾ ਨੇ ਮਜੀਠੀਆ ਵਿਰੁੱਧ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਜਰੀਵਾਲ ਦੀ ਮੁਆਫੀ ਮਜੀਠੀਆ ਨੂੰ ਪੰਜਾਬ ਵਿਚ ਨਸ਼ਿਆਂ ਦੀ ਸਮੱਗਲਿੰਗ ਅਤੇ ਪ੍ਰਸਾਰ ਲਈ ਅਪਰਾਧ ਤੋਂ ਮੁਕਤ ਨਹੀਂ ਕਰ ਸਕਦੀ ਅਤੇ ਉਹ ਪਹਿਲਾਂ ਹੀ ਲੋਕਾਂ ਦੀ ਅਦਾਲਤ ਵਿਚ ਦੋਸ਼ੀ ਠਹਿਰਾਏ ਜਾ ਚੁੱਕੇ ਹਨ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਆਮ ਆਦਮੀ ਪਾਰਟੀ ਅਤੇ ਅਕਾਲੀਆਂ ਦਰਮਿਆਨ ਅੰਦਰਖਾਤੇ ਗੱਠਜੋੜ ਸੀ, ਉਨ੍ਹਾਂ ਕਿਹਾ ਕਿ ਇਹ ਮੁਆਫੀ ਜਾਣ-ਬੁੱਝ ਕੇ ਠੀਕ ਉਸੇ ਦਿਨ ਮੰਗੀ ਗਈ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਹ ਕਹਿੰਦਿਆਂ ਆਪਣੀ ਰਿਪੋਰਟ ਪੇਸ਼ ਕੀਤੀ ਕਿ ਅਜਿਹੇ ਸਬੂਤ ਹਨ, ਜਿਨ੍ਹਾਂ ਦੇ ਆਧਾਰ 'ਤੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਐੱਸ. ਆਈ. ਟੀ. ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤਾ ਗਿਆ ਹੈ।
