ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ''ਚ ਲਿਆਂਦਾ ਇਨਕਲਾਬੀ ਬਦਲਾਅ - ਕੇਜਰੀਵਾਲ
Saturday, Sep 16, 2023 - 04:23 AM (IST)
ਮੋਹਾਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ।
ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਿਪਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਮੋਹਾਲੀ ਵਿਖੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਵੱਲੋਂ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਅਤੇ ਸਰਕਾਰ ਦਾ ਪੈਸਾ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਹੁਣ ਕੰਪਨੀਆਂ ਸੂਬੇ ਨੂੰ ਛੱਡ ਕੇ ਜਾਣ ਦੇ ਉਲਟ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ ਅਤੇ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅੱਤਿਆਚਾਰ, ਜ਼ਬਰ-ਜ਼ੁਲਮ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਸੀ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ ਜਿਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸ਼ਤੀਆਂ ‘ਤੇ ਜਾ ਕੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਅਜਿਹੇ ਕੰਮਾਂ ਲਈ ਹੈਲੀਕਾਪਟਰ ਲੈ ਕੇ ਜਾਂਦੇ ਸਨ। ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨੂੰ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਦਾ ਵਿਕਾਸ ਨਹੀਂ ਹੋ ਸਕਦਾ ਅਤੇ ਉਨ੍ਹਾਂ ਦੇ ਸਾਥ ਨਾਲ ਸਰਕਾਰ ਸੂਬੇ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ASI ਦੀ ਵਿਵਾਦਤ ਵੀਡੀਓ ਹੋਈ ਵਾਇਰਲ, SSP ਨੇ ਕੀਤਾ ਸਸਪੈਂਡ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਖੇਤਰ ਦੇ ਹਿਸਾਬ ਨਾਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣਾ ਕਾਰੋਬਾਰ ਚਲਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮਿਲਣੀ ਉਦਯੋਗਪਤੀਆਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਚੁਣਿਆ ਗਿਆ, ਜੋ ਪੰਜਾਬ ਦੀ ਪ੍ਰਗਤੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਸਗੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮਕਸਦ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸਨਅਤੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰੇਕ ਯਤਨ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8