ਖਹਿਰਾ ਤੇ ਹੋਰ ਆਗੂਆਂ ਨੂੰ ਮਨਾਉਣ ਲਈ ਮੈਂ ਨੀਵਾਂ ਹੋ ਕੇ ਪਹਿਲ ਕਦਮੀ ਕਰਾਂਗਾ: ਭਗਵੰਤ ਮਾਨ

Monday, Oct 22, 2018 - 03:28 PM (IST)

ਖਹਿਰਾ ਤੇ ਹੋਰ ਆਗੂਆਂ ਨੂੰ ਮਨਾਉਣ ਲਈ ਮੈਂ ਨੀਵਾਂ ਹੋ ਕੇ ਪਹਿਲ ਕਦਮੀ ਕਰਾਂਗਾ: ਭਗਵੰਤ ਮਾਨ

ਭਵਾਨੀਗੜ੍ਹ (ਕਾਂਸਲ,ਵਿਕਾਸ)— ਪੰਜਾਬ ਇਸ ਸਮੇਂ ਬਹੁਤ ਹੀ ਮਾੜੇ ਦੌਰ 'ਚੋਂ ਗੁਜ਼ਰ ਰਿਹਾ ਹੈ। ਇਸ ਲਈ ਪੰਜਾਬ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ ਮੁਕਤ ਕਰਵਾਉਣ ਲਈ ਜੋ ਤੀਸਰੇ ਬਦਲ ਦੀ ਲੋੜ ਹੈ, ਉਸ ਲਈ ਮੈਂ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਸੂਬੇ 'ਚ ਆਮ ਆਦਮੀ ਪਾਰਟੀ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਕਰਨ ਲਈ ਸੁਖਪਾਲ ਸਿੰਘ ਖਹਿਰਾ ਅਤੇ ਹੋਰ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਉਨ੍ਹਾਂ ਨਾਲ ਗੱਲਬਾਤ ਕਰਾਂਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਘਰਾਚੋਂ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਕੋਆਰਡੀਨੇਟਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖ਼ਹਿਰਾ ਉਨ੍ਹਾਂ ਦੇ ਵੱਡੇ ਭਰਾ ਦੇ ਸਮਾਨ ਹਨ, ਇਸ ਲਈ ਪਾਰਟੀ ਨੂੰ ਪੰਜਾਬ ਵਿਚ ਇਕਜੁੱਟ ਕਰਨ ਲਈ ਉਹ ਖੁਦ ਨੀਵੇਂ ਹੋ ਕੇ ਸੁਖਪਾਲ ਸਿੰਘ ਖ਼ਹਿਰਾ ਨਾਲ ਗੱਲਬਾਤ ਕਰਨ ਦੀ ਪਹਿਲ ਕਰਨਗੇ। ਉਨ੍ਹਾਂ ਕਿਹਾ ਕਿ ਛੋਟੀ-ਮੋਟੀ ਗੱਲਬਾਤ  ਹਰ ਪਾਰਟੀ  'ਚ  ਹੋ ਜਾਂਦੀ ਹੈ ਪਰ ਅਜਿਹਾ ਨਹੀਂ ਹੁੰਦਾ ਕਿ ਉਹ ਫਿਰ ਇਕ ਨਾ ਹੋ ਸਕੇ। ਉਨ੍ਹਾਂ ਕਿਹਾ ਕਿ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਤੋਂ  ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ ਅਤੇ ਮੌਜੂਦਾ ਕਾਂਗਰਸ ਸਰਕਾਰ ਦਾ ਚਿਹਰਾ ਵੀ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਿਆ ਹੈ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਾ ਕੀਤੇ ਜਾਣ ਕਾਰਨ ਸੂਬੇ ਵਿਚ ਕਾਂਗਰਸ ਦੀ ਫੂਕ ਵੀ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ ਅਤੇ ਅੱਜ ਹਰ ਵਰਗ ਦੇ ਲੋਕ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਪਟਿਆਲਾ ਸਣੇ ਹੋਰ ਸ਼ਹਿਰਾਂ ਵਿਚ  ਧਰਨੇ ਲਾਉਂਦੇ ਨਜ਼ਰ ਆ ਰਹੇ ਹਨ। ਇਸ ਲਈ ਅੱਜ ਵੀ ਪੰਜਾਬ ਦੀ ਜਨਤਾ ਦੀਆਂ ਆਸਾਂ ਆਮ ਆਦਮੀ ਪਾਰਟੀ ਉਪਰ ਟਿਕੀਆਂ ਹੋਈਆਂ ਹਨ। ਇਸ ਲਈ ਹੁਣ ਆਮ ਆਦਮੀ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਪੰਜਾਬ ਦੇ ਨੌਜਵਾਨਾਂ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਦੇ ਭਵਿੱਖ ਨੂੰ ਬਚਾਉਣ ਲਈ ਆਪਸੀ ਸਭ ਗਿਲੇ-ਸ਼ਿਕਵੇ ਭੁਲਾ ਕੇ ਪੰਜਾਬ ਨੂੰ ਘੁਣ ਵਾਂਗ ਖਾ ਰਹੀਆਂ ਇਨ੍ਹਾਂ ਪਾਰਟੀਆਂ ਤੋਂ ਬਚਾਉਣ ਲਈ ਇਕਜੁਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਫਿਰ ਦੁਹਰਾਇਆ ਕਿ ਪੰਜਾਬ ਦੇ ਹਿੱਤ ਵੱਡੇ ਹਨ ਅਤੇ ਉਨ੍ਹਾਂ ਦੀ ਪਾਰਟੀ ਵਿਚਲੀ ਲੜਾਈ ਛੋਟੀ ਹੈ, ਇਸ ਲਈ ਪਾਰਟੀ ਦੀ ਮਜ਼ਬੂਤੀ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੂੰ ਇਕਜੁਟ ਕਰਨ ਲਈ ਉਹ ਆਪਣੀ ਪੂਰੀ ਵਾਹ ਲਾਉਣਗੇ। ਅੱਗੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਸਬੰਧੀ ਪੁੱਛੇ ਜਾਣ 'ਤੇ  ਮਾਨ ਨੇ ਕਿਹਾ ਕਿ ਲੋਕ ਸਭਾ ਟਿਕਟਾਂ ਦੀ ਵੰਡ ਪਾਰਟੀ ਦੀ ਪੰਜਾਬ ਕੋਰ ਕਮੇਟੀ ਰਾਹੀਂ ਫੈਸਲੇ ਲਏ ਜਾਣਗੇ। ਇਸ ਮੌਕੇ ਮਾਨ ਨੇ ਪਿੰਡ ਵਿਚ ਆਮ ਲੋਕਾਂ ਨਾਲ ਵੀ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ, ਗੁਰਮੀਤ ਸਿੰਘ ਮਿਸਤਰੀ, ਗੁਰਵਿੰਦਰ ਸਿੰਘ, ਦੀਪਾ ਸ਼ਰਮਾ, ਰਾਜਵੀਰ ਸਿੰਘ, ਦਲਜੀਤ ਸਿੰਘ, ਅਮਨਦੀਪ ਕੁਮਾਰ, ਮਨਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।


Related News