ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਮਗਰੋਂ ਖੰਨਾ ''ਚ ਚੱਲੇ ਪਟਾਕੇ, ਵਰਕਰਾਂ ਨੇ ਮਨਾਈ ਖੁਸ਼ੀ

Tuesday, Nov 24, 2026 - 07:42 PM (IST)

ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਮਗਰੋਂ ਖੰਨਾ ''ਚ ਚੱਲੇ ਪਟਾਕੇ, ਵਰਕਰਾਂ ਨੇ ਮਨਾਈ ਖੁਸ਼ੀ

ਖੰਨਾ (ਬਿਪਨ)- ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਰਸਮੀ ਐਲਾਨ ਹੋ ਚੁੱਕਾ ਹੈ। ਇਸ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਇਸੇ ਖੁਸ਼ੀ ਦਾ ਨਜ਼ਾਰਾ ਖੰਨਾ ਵਿਚ ਵੀ ਦੇਖਣ ਨੂੰ ਮਿਲਿਆ, ਜਿੱਥੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਢੋਲ-ਨਗਾੜੇ ਵਜਾ ਕੇ ਅਤੇ ਪਟਾਕੇ ਚਲਾ ਕੇ ਗੱਠਜੋੜ ਦਾ ਸਵਾਗਤ ਕੀਤਾ। ਖੰਨਾ ਦੇ ਲਲਹੇੜੀ ਰੋਡ ਚੌਕ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ਵੱਲੋਂ ਜ਼ੋਰਦਾਰ ਜਸ਼ਨ ਮਨਾਇਆ ਗਿਆ। ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜੇ ਪਾਏ ਅਤੇ ਪਟਾਕੇ ਚਲਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਖੰਨਾ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਜਾਦੂ ਨੇ ਗੱਠਜੋੜ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਗੱਠਜੋੜ ਦਾ ਐਲਾਨ ਪੰਜਾਬ ਲਈ ਨਵੀਂ ਸਵੇਰ ਦੀ ਸ਼ੁਰੂਆਤ ਹੈ।

ਉੱਥੇ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਗੱਠਜੋੜ ਸਮੇਂ ਦੀ ਲੋੜ ਸੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਕੇ ਅਕਾਲੀ ਦਲ ਅਤੇ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਣਗੇ।

ਇਸ ਤੋਂ ਇਲਾਵਾ ਭਾਜਪਾ ਆਗੂ ਬਲਜਿੰਦਰ ਸਿੰਗਲਾ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਗੱਠਜੋੜ ਦਾ ਐਲਾਨ ਹੋਣਾ ਬੜੀ ਖੁਸ਼ੀ ਦੀ ਗੱਲ ਹੈ। ਨਾਲ ਹੀ ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤਾ ਗਿਆ ਐਲਾਨ ਵੀ ਹੁਣ ਪੂਰਾ ਹੋਵੇਗਾ।
 


author

Anmol Tagra

Content Editor

Related News