ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ

Wednesday, May 27, 2026 - 11:58 AM (IST)

ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ

ਖਰੜ (ਅਮਰਦੀਪ) : ਸੇਵਾ ਕੇਂਦਰ ਮੁਲਾਜ਼ਮ ਵੈੱਲਫ਼ੇਅਰ ਐਸੋਸੀਏਸ਼ਨ ਖਰੜ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੀਤ ਪ੍ਰਧਾਨ ਨਵਜੋਤ ਸਿੰਘ ਤੇ ਅਕਵਿੰਦਰ ਕੌਰ ਨੇ ਖਰੜ ਦੇ ਐੱਸ. ਡੀ. ਐੱਮ. ਗੁਰਮੀਤ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਅਕਵਿੰਦਰ ਕੌਰ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ ਪਿਛਲੇ ਦਸ ਸਾਲਾਂ ਤੋਂ ਨਿਗੁਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ ਮਹਿੰਗਾਈ ਦੇ ਸਮੇਂ ’ਚ 10 ਹਜ਼ਾਰ ਰੁਪਏ ਤਨਖ਼ਾਹ ਨਾਲ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਪਨੀ ਨਾਲ ਪੰਜ ਸਾਲਾ ਕਾਂਟਰੈਕਟ ਸਾਈਨ ਹੋਇਆ ਹੋਇਆ ਹੈ ਪਰ ਮੁਲਾਜ਼ਮਾਂ ਨੂੰ ਸਿਰਫ਼ 6 ਮਹੀਨੇ ਦੇ ਕਾਂਟਰੈਕਟ ਹੀ ਜਾਰੀ ਕੀਤੇ ਜਾਂਦੇ ਹਨ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਰਕਾਰੀ ਅਦਾਰੇ ਵਜੋਂ ਚਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਦਾ ਪੈਸਾ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰ ਦੇ ਖ਼ਾਤੇ ’ਚ ਆਵੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕੰਪਨੀਆਂ ਕਰਕੇ ਪੰਜਾਬ ਦਾ ਪੈਸਾ ਬਾਹਰਲੇ ਹੱਥਾਂ ’ਚ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਕੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਰੈਗੂਲਰ ਜਾਂ ਸਰਕਾਰੀ ਵਿਭਾਗ ਅਧੀਨ ਲਿਆ ਜਾਵੇ। ਸੇਵਾ ਕੇਂਦਰ ਮੁਲਾਜ਼ਮ ਵੈੱਲਫ਼ੇਅਰ ਐਸੋਸੀਏਸ਼ਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


author

Babita

Content Editor

Related News