ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਸਿਆਸੀ ਕਾਨਫਰੰਸਾਂ ਤੋਂ ਕੀਤਾ ਜਾਵੇ ਗੁਰੇਜ਼ : ਬਡੂੰਗਰ

12/12/2019 5:02:08 PM

ਪਟਿਆਲਾ (ਇੰਦਰਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਇਕ ਅਪੀਲ ਕੀਤੀ ਹੈ। ਉਨ੍ਹਾਂ ਪੱਤਰ ’ਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸੀ ਕਾਨਫਰੰਸਾਂ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪ੍ਰੋ. ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਦੇ ਬੱਚਿਆਂ ਨੇ ਛੋਟੀ ਉਮਰ 'ਚ ਵੱਡੀਆਂ ਸ਼ਹੀਦੀਆਂ ਦਿੱਤੀਆਂ ਹਨ, ਜਿਸ ਦੀ ਦੁਨੀਆ ਭਰ 'ਚ ਕਿਧਰੇ ਵੀ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਸ਼ਹਾਦਤ ਨੂੰ ਵੇਖਦੇ ਹੋਏ ਕਿਸੇ ਵੀ ਤਰ੍ਹਾਂ ਦੀਆਂ ਸਿਆਸੀ ਕਾਨਫਰੰਸਾਂ ਨਹੀਂ ਹੋਣੀਆਂ ਚਾਹੀਦੀਆਂ। ਇਸ ਮੌਕੇ ਪ੍ਰੋ. ਬਡੂੰਗਰ ਵਲੋਂ ਅਮਰੀਕਾ 'ਚ ਸਿੱਖਾਂ ਦੇ ਨਸਲੀ ਹਮਲੇ ਦੀ ਕਰੜੀ ਸ਼ਬਦਾਂ 'ਚ ਨਿੰਦਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਸਿੱਖਾਂ ’ਤੇ ਹੋ ਰਹੇ ਹਮਲੇ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਸਿੱਖ ਜਗਤ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਨ੍ਹਾਂ ਨੂੰ ਰੋਕਣ ਲਈ ਸੰਯੁਕਤ ਰਾਸ਼ਟਰ ਨੂੰ ਦਖਲ ਦੇਣ ਦੀ ਲੋੜ ਹੈ। ਪ੍ਰੋ. ਬਡੂੰਗਰ ਨੇ ਉੜੀਸਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦਾ ਮੱਠ ਢਾਹੇ ਜਾਣ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।  


rajwinder kaur

Content Editor

Related News