ਪੰਜਾਬ ''ਚ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ : ਪ੍ਰੋ. ਬਡੂੰਗਰ

Friday, Nov 10, 2017 - 06:28 AM (IST)

ਪੰਜਾਬ ''ਚ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ : ਪ੍ਰੋ. ਬਡੂੰਗਰ

ਅੰਮ੍ਰਿਤਸਰ(ਦੀਪਕ/ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਆਵਾਮ ਦੀ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਗੱਲ ਉਨ੍ਹਾਂ ਸੁਧੀਰ ਸੂਰੀ ਨਾਂ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੀਤੀਆਂ ਘਟੀਆ ਟਿੱਪਣੀਆਂ 'ਤੇ ਪ੍ਰਤੀਕਰਮ ਦਿੰਦਿਆਂ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੇ ਮਨਸੂਬੇ ਘੜਨ ਵਾਲੇ ਅਜਿਹੇ ਲੋਕਾਂ ਨੂੰ ਨਕੇਲ ਪਾਉਣਾ ਸਰਕਾਰ ਦਾ ਕੰਮ ਹੈ। ਇਸ ਦੌਰਾਨ ਪ੍ਰੋ. ਬਡੂੰਗਰ ਨੇ ਅਮਰੀਕਾ ਵਿਚ ਨਿਊਜਰਸੀ ਦੇ ਹੋਬੋਕੈਨ ਸ਼ਹਿਰ ਦੇ ਮੇਅਰ ਚੁਣੇ ਗਏ ਰਵਿੰਦਰ ਸਿੰਘ ਭੱਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਿੱਖ ਵਿਸ਼ਵ ਵਿਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਪ੍ਰਾਪਤੀਆਂ ਕਰਨ ਵਾਲੇ ਸਿੱਖਾਂ ਦਾ ਹਮੇਸ਼ਾ ਸਨਮਾਨ ਕਰਦੀ ਆਈ ਹੈ ਅਤੇ ਰਵਿੰਦਰ ਸਿੰਘ ਭੱਲਾ ਦੇ ਪੰਜਾਬ ਆਉਣ 'ਤੇ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਬਿਕਰਮ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ ਆਦਿ ਹਾਜ਼ਰ ਸਨ।


Related News