ਭਾਰਤੀ ਇਤਿਹਾਸ ਦਾ ਗੌਰਵ ਹੈ ਜਨਰਲ ਹਰਬਖ਼ਸ਼ ਸਿੰਘ ਦੀ ਬਹਾਦਰੀ : ਪ੍ਰੋ. ਬਡੂੰਗਰ

Saturday, Sep 16, 2017 - 06:48 AM (IST)

ਖੇਮਕਰਨ(ਰਾਜੀਵ, ਅਮਰਗੋਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਰਨਤਾਰਨ ਜ਼ਿਲੇ ਦੇ ਸਰਹੱਦੀ ਪਿੰਡ ਆਸਲ ਉਤਾੜ ਵਿਖੇ 1965 ਦੀ ਜੰਗ ਦੇ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਇਕ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਰਲ ਹਰਬਖ਼ਸ਼ ਸਿੰਘ ਦੀ ਬਹਾਦਰੀ ਭਾਰਤੀ ਇਤਿਹਾਸ ਦਾ ਉਹ ਗੌਰਵ ਹੈ, ਜਿਸ ਨੇ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਸਿੱਖਾਂ ਨੇ 80 ਫ਼ੀਸਦੀ ਕੁਰਬਾਨੀਆਂ ਦੇ ਕੇ ਵਿਲੱਖਣ ਇਤਿਹਾਸ ਸਿਰਜਿਆ, ਉਥੇ ਹੀ ਵੱਖ-ਵੱਖ ਜੰਗਾਂ ਵਿਚ ਵੀ ਦੇਸ਼ ਦੀ ਖ਼ਾਤਰ ਸਿੱਖਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ 1965 ਦੀ ਭਾਰਤ-ਪਾਕਿ ਜੰਗ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਿੱਖ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਦਲੇਰੀ, ਦੇਸ਼ ਪ੍ਰਸਤੀ ਅਤੇ ਕੌਮੀ ਜਜ਼ਬੇ ਬਾਰੇ ਕਿਹਾ ਕਿ ਉਨ੍ਹਾਂ ਨੇ ਆਪਣੇ ਉੱਚ ਅਧਿਕਾਰੀਆਂ ਵੱਲੋਂ ਆਏ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੁਸ਼ਮਣ ਫ਼ੌਜ ਨੂੰ ਵੱਡੀ ਟੱਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਮਾਝਾ ਖੇਤਰ ਦਾ ਇਹ ਇਲਾਕਾ ਅੱਜ ਭਾਰਤੀ ਸਰਜ਼ਮੀਨ ਦਾ ਹਿੱਸਾ ਹੈ ਤਾਂ ਇਸ ਦਾ ਸਿਹਰਾ ਕੇਵਲ ਜਨਰਲ ਹਰਬਖ਼ਸ਼ ਸਿੰਘ ਨੂੰ ਹੀ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਰਖਵਾਲੀ ਲਈ ਸਿੱਖਾਂ ਨੇ ਹਮੇਸ਼ਾ ਮੋਹਰੀ ਰੋਲ ਨਿਭਾਇਆ ਅਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਸਦੀਵੀ ਕਾਲ ਚੇਤੇ ਰੱਖੀਏ। ਉਨ੍ਹਾਂ ਕਿਹਾ ਕਿ ਕੌਮ ਦੇ ਮਹਾਨ ਸਪੂਤ ਜਨਰਲ ਹਰਬਖ਼ਸ਼ ਸਿੰਘ ਅਤੇ ਜਨਰਲ ਜਗਜੀਤ ਸਿੰਘ ਅਰੋੜਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪਾਸੋਂ ਸਮਾਂ ਲੈ ਕੇ ਇਹ ਤਸਵੀਰਾਂ ਅਜਾਇਬ ਘਰ ਵਿਚ ਸੁਸ਼ੋਭਿਤ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂੰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ ਨੇ ਗੁਰਮਤਿ ਦੀ ਰੌਸ਼ਨੀ ਵਿਚ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ, ਸਿੱਖ ਕੌਮ ਦੇ ਮਹਾਨ ਢਾਡੀ ਗਿਆਨੀ ਨਿਰਮਲ ਸਿੰਘ ਨੂਰ ਅਤੇ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਨੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸਟੇਜ ਦੀ ਸੇਵਾ ਸ. ਤੀਰਥ ਸਿੰਘ ਢਿੱਲੋਂ ਵੱਲੋਂ ਨਿਭਾਈ ਗਈ। 
ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਸੁਖਵਰਸ਼ ਸਿੰਘ ਪੰਨੂੰ, ਸ਼੍ਰੋਮਣੀ ਕਮੇਟੀ ਐਡੀਸ਼ਨਲ ਸਕੱਤਰ  ਹਰਭਜਨ ਸਿੰਘ ਮਾਨਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਲਖਬੀਰ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ, ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ, ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹੀਰਾ ਸਿੰਘ, ਭਾਈ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।


Related News