ਕਿਰਤੀ ਕਿਸਾਨ ਯੂਨੀਅਨ ਨੇ ਡੀ. ਸੀ. ਦਫਤਰ ਸਾਹਮਣੇ ਦਿੱਤਾ ਧਰਨਾ
Tuesday, Jun 13, 2017 - 02:51 AM (IST)
ਗੁਰਦਾਸਪੁਰ, (ਦੀਪਕ, ਵਿਨੋਦ)— ਪੰਜਾਬ ਦੇ ਸੰਘਰਸ਼ਸ਼ੀਲ 7 ਕਿਸਾਨ ਸੰਗਠਨਾਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀ. ਸੀ. ਦਫਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦੇ ਨਾਂ ਡੀ. ਸੀ. ਗੁਰਦਾਸਪੁਰ ਨੂੰ ਮੰਗ- ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਸ਼ਹਿਰ ਦੇ ਨਹਿਰੂ ਪਾਰਕ ਵਿਚ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਅਜੀਤ ਸਿੰਘ, ਜਸਬੀਰ ਸਿੰਘ ਅਤੇ ਪਲਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ।
ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਦੇਸ਼ ਉਪ ਪ੍ਰਧਾਨ ਸਤਿਬੀਰ ਸਿੰਘ ਸੁਲਤਾਨੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨ ਦੇ ਹਿੱਤਾਂ ਨੂੰ ਅਣਦੇਖਾ ਕਰ ਕੇ ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿਚ ਨੀਤੀਆਂ ਲਾਗੂ ਕਰ ਰਹੀ ਹੈ ਜਦਕਿ ਕਿਸਾਨ ਕਰਜ਼ੇ ਵਿਚ ਡੁੱਬਿਆ ਹੋਣ ਕਰ ਕੇ ਆਤਮ-ਹੱਤਿਆ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਮੌਕੇ ਦਲਜੀਤ ਸਿੰਘ, ਸੁਬੇਗ ਸਿੰਘ, ਸੁਰਿੰਦਰ ਸਿੰਘ, ਦਿਲਬਾਗ ਸਿੰਘ, ਭਜਨ ਸਿੰਘ, ਰਾਜ ਕੁਮਾਰ, ਦਲਜੀਤ ਸਿੰਘ, ਸਾਗਰ ਸਿੰਘ ਭੋਲਾ ਆਦਿ ਹਾਜ਼ਰ ਸਨ।
