ਭਲਕੇ ਭਾਰਤ ਬੰਦ ਦੌਰਾਨ ਕਿਸਾਨ ਕੋਵਿਡ ਨਿਯਮਾਂ ਤੇ ਅਮਨ-ਕਾਨੂੰਨ ਦੀ ਵਿਵਸਥਾ ਰੱਖਣ ਕਾਇਮ: ਕੈਪਟਨ

Thursday, Sep 24, 2020 - 08:43 PM (IST)

ਭਲਕੇ ਭਾਰਤ ਬੰਦ ਦੌਰਾਨ ਕਿਸਾਨ ਕੋਵਿਡ ਨਿਯਮਾਂ ਤੇ ਅਮਨ-ਕਾਨੂੰਨ ਦੀ ਵਿਵਸਥਾ ਰੱਖਣ ਕਾਇਮ: ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੇਤੀ ਬਿੱਲਾਂ ਵਿਰੁੱਧ ਭਲਕ ਦੇ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਬੰਦ ਦੌਰਾਨ ਖਾਸ ਕਰਕੇ ਕੋਵਿਡ ਦੇ ਸੰਕਟ ਮੌਕੇ ਪੰਜਾਬ ਦੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨਿਯਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਪੂਰਾ ਖਿਆਲ ਰੱਖਣ ਕਿ ਉਨ੍ਹਾਂ ਦੇ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਨੂੰ ਕਿਸੇ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ।


author

Bharat Thapa

Content Editor

Related News