ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਇਆ ਗਿਆ ਕਿਸਾਨ ਮੇਲਾ  (ਤਸਵੀਰਾਂ)

Tuesday, Sep 26, 2017 - 04:52 PM (IST)

ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਇਆ ਗਿਆ ਕਿਸਾਨ ਮੇਲਾ  (ਤਸਵੀਰਾਂ)

ਹੁਸ਼ਿਆਰਪੁਰ(ਸਮੀਰ)— ਕਿਸਾਨਾਂ ਨੂੰ ਹਾੜੀ 2017-18 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ 'ਚ ਜ਼ਿਲੇ ਦੇ ਵੱਖ-ਵੱਖ ਬਲਾਕਾਂ 'ਚੋਂ ਤਕਰੀਬਨ 2 ਹਜ਼ਾਰ ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤੀ 'ਚ ਹੀ ਦਬਾਉਣ ਲਈ ਵੱਖ-ਵੱਖ ਕਿਸਮ ਦੀ ਮਸ਼ੀਨਰੀ ਸਬਸਿਡੀ 'ਤੇ ਉਪਲਬੱਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਵਲੋਂ ਕੰਬਾਇਨਾਂ ਦੀ ਵਰਤੋਂ ਕਰਕੇ ਕਟਾਈ ਕੀਤੀ ਜਾਂਦੀ ਹੈ, ਉਨ੍ਹਾਂ ਵੱਲੋਂ ਸੁਪਰ ਐੱਸ.ਐੱਮ.ਐੱਸ. ਲੱਗੀਆਂ ਕੰਬਾਇਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸੁਪਰ ਐੱਸ.ਐੱਮ.ਐੱਸ. ਲਗਾਉਣ ਲਈ 50 ਹਜ਼ਾਰ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ। 
ਵਿਪੁੱਲ ਉੱਜਵਲ ਨੇ ਕਿਹਾ ਕਿ ਅਜਿਹੇ ਕਿਸਾਨ ਮੇਲਿਆਂ 'ਚ ਕਿਸਾਨਾਂ ਦਾ ਆਪਸ 'ਚ ਤਾਲਮੇਲ ਹੁੰਦਾ ਹੈ ਅਤੇ ਕਈ ਨਵੀਆਂ ਤਕਨੀਕਾਂ ਦਾ ਅਦਾਨ-ਪ੍ਰਦਾਨ ਹੁੰਦਾ ਹੈ। ਕਿਸਾਨ ਖੇਤੀ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ। ਉਨ੍ਹਾਂ ਨੇ ਨਾਲ ਹੀ ਕਿਸਾਨਾਂ ਨੂੰ ਫਸਲੀ ਚੱਕਰ 'ਚੋਂ ਨਿਕਲ ਕੇ ਫਸਲੀ ਵਿਭਿੰਨਤਾ ਲਿਆਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੱਧ ਤੋਂ ਵੱਧ ਸਹਾਇਕ ਧੰਦੇ ਅਪਨਾ ਕੇ ਆਪਣੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰ ਸਕਦੇ ਹਨ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ।   
ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਡਾ. ਜਸਵੀਰ ਸਿੰਘ ਬੈਂਸ ਨੇ ਦੱਸਿਆ ਕਿ ਪਾਣੀ ਦਾ ਡਿੱਗ ਰਿਹਾ ਪੱਧਰ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਜਿਹੇ ਖੇਤੀ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ, ਜਿਸ ਨਾਲ ਪਾਣੀ ਦੀ ਬੇਲੋੜੀ ਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਮੰਤਵ ਲਈ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਆਦਿ ਅਪਣਾਈ ਜਾ ਸਕਦੀ ਹੈ। ਖੇਤੀਬਾੜੀ ਅਫਸਰ (ਜਨਰਲ) ਡਾ. ਗੁਰਬਖਸ਼ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਹਿੰਦਰ ਸਿੰਘ ਬੈਂਸ ਅਤੇ ਡਾ. ਗੁਰਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਆਈ ਟੀਮ ਦੇ ਮਾਹਿਰਾਂ ਵਲੋਂ ਖੇਤੀਬਾੜੀ ਦੀਆਂ ਵੱਖ-ਵੱਖ ਤਕਨੀਕਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।


Related News