ਕਿਸਾਨ ਮੇਲਾ 30 ਸਤੰਬਰ ਨੂੰ, ਮੰਤਰੀ ਗੁਰਮੀਤ ਖੁੱਡੀਆਂ ਹੋਣਗੇ ਮੁੱਖ ਮਹਿਮਾਨ
Thursday, Sep 25, 2025 - 10:38 AM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਵਿਖੇ 30 ਸਤੰਬਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਸਾਂਝੀ ਕੀਤੀ।
ਇਸ ਮੇਲੇ ’ਤੇ ਖ਼ਾਸ ਤੌਰ ’ਤੇ ਕਣਕ ਦੀ ਨਵੀਂ ਕਿਸਮ ਪੀ. ਬੀ. ਡਬਲਯੂ.-872 ਕਿਸਾਨਾਂ ਦੀ ਖਿੱਚ ਦੀ ਕੇਂਦਰ ਰਹੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ’ਤੇ ਹੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।
ਇਸ ਤੋਂ ਇਲਾਵਾ ਮੇਲੇ ’ਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਸਬੰਧੀ ਨੁਮਾਇਸ਼ ਵੀ ਲਗਾਈ ਜਾਵੇਗੀ। ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ’ਚ ਹਿੱਸਾ ਲੈਣ।