ਸਰਕਾਰਾਂ ਵੱਲੋਂ ਕਿਸਾਨਾਂ ਨਾਲ ਵਾਅਦਾ ਖਿਲਾਫੀ ਦੇ ਵਿਰੋਧ ''ਚ ਮਾਲਵਾ ਪੱਧਰੀ ਕਿਸਾਨ ਰੈਲੀ 10 ਨੂੰ
Sunday, Aug 06, 2017 - 11:02 AM (IST)
ਮਾਨਸਾ - ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੀ ਵਾਅਦਾ-ਖਿਲਾਫੀ ਦੇ ਵਿਰੋਧ 'ਚ 10 ਅਗਸਤ ਨੂੰ ਸਵੇਰੇ 11 ਤੋਂ 3 ਵਜੇ ਤੱਕ ਦਾਣਾ ਮੰਡੀ ਬਰਨਾਲਾ ਵਿਖੇ ਮਾਲਵਾ ਪੱਧਰੀ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਅੰਦਰ ਹੁਣੇ ਤੋਂ ਤਿਆਰੀਆਂ ਜ਼ੋਰਾਂ 'ਤੇ ਹਨ।
ਜਮਹੂਰੀ ਕਿਸਾਨ ਸਭਾ ਦੇ ਪ੍ਰੈਸੱ ਸਕੱਤਰ ਇਕਬਾਲ ਸਿੰਘ ਫਫੜੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣਾਂ ਤੋਂ ਪਹਿਲਾਂ ਬਠਿੰਡਾ ਵਿਖੇ ਵੱਡੀ ਰੈਲੀ 'ਚ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਲਾਹੇਵੰਦ ਦਿੱਤਾ ਜਾਵੇਗਾ। ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲਣਾ ਤਾਂ ਦੂਰ ਦੀ ਗੱਲ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ।
ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨਾਲ ਸਰਕਾਰ ਬਣਨ 'ਤੇ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਨ੍ਹਾਂ ਦਾ ਵਾਅਦਾ ਹਵਾ 'ਚ ਲਟਕ ਰਿਹਾ ਹੈ, ਜਿਸ ਕਾਰਨ ਕਿਸਾਨ ਸੰਘਰਸ਼ ਦੇ ਰਾਹ ਪੈ ਰਹੇ ਹਨ।
ਉਨ੍ਹਾਂ ਕਿਹਾ ਕਿ ਇਕੱਲੀ ਛਾਪੇਮਾਰੀ ਹੀ ਨਹੀਂ ਸਗੋਂ ਸਪਰੇਆਂ ਦੇ ਸੀਜ਼ਨ ਦੌਰਾਨ ਬਾਜ਼ਾਰ 'ਚ ਖੇਤੀਬਾੜੀ ਵਿਭਾਗ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਤਾਂ ਜੋ ਕਿਸਾਨ ਮਾਰਕੀਟ 'ਚ ਕੀਟਨਾਸ਼ਕ ਦਵਾਈਆਂ ਖਰੀਦਣ ਸਮੇਂ ਅਸਲੀ ਜਾਂ ਨਕਲੀ ਕੀਟਨਾਸ਼ਕ ਦਵਾਈਆਂ ਦੀ ਪਛਾਣ ਕਰਵਾ ਸਕਣ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਖੁਦ ਵਧੀਆ ਕਿਸਮ ਦੀਆਂ ਕੀਟਨਾਸ਼ਕ ਦਵਾਈਆਂ ਪਿੰਡਾਂ ਦੀਆਂ ਸਹਿਕਾਰੀ ਸੁਸਾਇਟੀਆਂ ਰਾਹੀਂ ਮੁਹੱਈਆ ਕਰਵਾਏ।
