ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

02/14/2018 7:40:52 AM

ਤਰਨਤਾਰਨ,   (ਰਾਜੂ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵੱਲੋਂ ਮੋਦੀ ਤੇ ਕੈਪਟਨ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਝਬਾਲ ਤੋਂ ਅਟਾਰੀ ਮੁੱਖ ਰੋਡ ਪੂਰੀ ਤਰ੍ਹਾਂ ਜਾਮ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 
ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਵਿੰਦਰ ਸਿੰਘ ਚੁਤਾਲਾ, ਗੁਰਲਾਲ ਸਿੰਘ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ। ਮੋਦੀ ਸਰਕਾਰ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੇ ਵਾਅਦੇ ਤੋਂ ਉਲਟ ਵਿਸ਼ਵ ਬੈਂਕ ਅਤੇ ਡਬਲਯੂ. ਟੀ. ਓ. ਦੇ ਦਬਾਅ ਹੇਠ ਖੇਤੀ ਮੰਡੀ ਤੋੜ ਕੇ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਦੇਸ਼ੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਮਨਸੂਬੇ ਘੜ ਚੁੱਕੀ ਹੈ। ਪੰਜਾਬ ਦੀ ਕੈਪਟਨ ਸਰਕਾਰ ਵੀ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਹੋਰ ਵਾਅਦਿਆਂ ਨੂੰ ਲਾਗੂ ਕਰਨ ਤੋਂ ਭੱਜ ਕੇ ਲੋਕਾਂ 'ਚ ਆਪਣਾ ਆਧਾਰ ਗਵਾ ਚੁੱਕੀ ਹੈ। ਕਿਸਾਨ ਆਗੂਆਂ ਕਿਹਾ ਕਿ ਮਜ਼ਦੂਰ ਕਰਜ਼ੇ 'ਚ ਨਪੀੜੇ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ। ਇਸ ਲਈ ਪਿੰਡਾਂ 'ਚ ਕਰਜ਼ਾ ਉਗਰਾਹੁਣ, ਜ਼ਮੀਨਾਂ ਦੀ ਕੁਰਕੀ ਕਰਨ ਤੇ ਖੇਤੀ ਮੋਟਰਾਂ 'ਤੇ ਮੀਟਰ ਲਾਉਣ ਆਏ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣਗੇ। ਕਿਸਾਨ ਆਗੂਆ ਨੇ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਸਾਰੀਆ ਫਸਲਾਂ ਦੇ ਭਾਅ ਲਾਗਤ ਖਰਚਿਆਂ 'ਚ 50 ਫੀਸਦੀ ਮੁਨਾਫਾ ਜੋੜ ਕੇ ਐਲਾਨੇ ਜਾਣ, ਖੇਤੀ ਮੋਟਰਾਂ 'ਤੇ ਮੀਟਰ ਲਾ ਕੇ ਬਿੱਲ ਲੈਣ ਦਾ ਫੈਸਲਾ ਰੱਦ ਕੀਤਾ ਜਾਵੇ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਸਮੇਤ ਹੋਰ ਵਾਅਦੇ ਤੁਰੰਤ ਪੂਰੇ ਕੀਤੇ ਜਾਣ। 
ਇਸ ਮੌਕੇ ਮੰਗਲ ਸਿੰਘ ਭੁੱਚਰ, ਮੇਜਰ ਸਿੰਘ ਕਸੇਲ, ਕਸ਼ਮੀਰ ਸਿੰਘ ਭੁੱਲਰ, ਕੁਲਦੀਪ ਸਿੰਘ, ਦਲਬੀਰ ਸਿੰਘ, ਰਾਮ ਸਿੰਘ, ਬਲਕਾਰ ਸਿੰਘ ਖਾਲੜਾ, ਜਗੀਰ ਸਿੰਘ ਮੀਆਂਪੁਰ, ਬਲਜਿੰਦਰ ਸਿੰਘ, ਗੱਜਣ ਸਿੰਘ ਚਾਹਲ, ਗੁਰਪ੍ਰੀਤ ਸਿੰਘ ਗੋਪੀ, ਹਰਪਾਲ ਸਿੰਘ, ਬਾਜ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।