ਕਿਸਾਨ ਸੰਘਰਸ਼ ਕਮੇਟੀ ਨੇ ਦਿੱਤੇ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਧਰਨੇ

08/20/2017 7:54:08 AM

ਸੁਲਤਾਨਪੁਰ ਲੋਧੀ, (ਸੋਢੀ)- ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨੀ ਮੰਗਾਂ ਦੇ ਹੱਕ 'ਚ ਪੰਜਾਬ ਦੇ 7 ਜ਼ਿਲਿਆਂ 'ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਧਰਨੇ ਦੇਣ ਦੇ ਦਿੱਤੇ ਗਏ ਸੱਦੇ ਅਨੁਸਾਰ ਜ਼ਿਲਾ ਕਪੂਰਥਲਾ ਦੇ ਕਿਸਾਨਾਂ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ 19 ਅਗਸਤ ਦੁਪਹਿਰ 12 ਵਜੇ ਤੋਂ ਸ਼ਾਮ ਤਕ ਹਲਕਾ ਵਿਧਾਇਕ ਦੇ ਘਰ ਮੂਹਰੇ ਧਰਨਾ ਦਿੱਤਾ ਗਿਆ। ਸਵੇਰੇ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਤਮਾ ਸਿੰਘ ਸੁਲਤਾਨਪੁਰ ਲੋਧੀ ਤੇ ਹੋਰ ਇਕੱਠੇ ਹੋਏ ਤੇ ਕਿਸਾਨ ਮੰਗਾਂ ਦੇ ਹੱਕ 'ਚ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਰੋਸ ਮਾਰਚ ਕੱਢਦੇ ਹੋਏ ਹਲਕਾ ਵਿਧਾਇਕ ਦੇ ਘਰ ਮੂਹਰੇ ਪੁੱਜ ਕੇ ਧਰਨੇ 'ਤੇ ਬੈਠੇ।
ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਤੇ ਗੁਰਪ੍ਰੀਤ ਸਿੰਘ ਪ੍ਰਧਾਨ ਜ਼ਿਲਾ ਕਪੂਰਥਲਾ-ਜਲੰਧਰ, ਸਲਵਿੰਦਰ ਸਿੰਘ ਜਾਣੀਆਂ ਤੇ ਗੁਰਦੀਪ ਸਿੰਘ ਆਜ਼ਾਦ ਆਦਿ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਤੋਂ ਭੱਜ ਰਹੀ ਹੈ। ਜਿਸ ਕਾਰਨ ਕਿਸਾਨ ਸਰਕਾਰਾਂ ਖਿਲਾਫ ਰੋਸ ਵਜੋਂ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹੀ ਕਿਸਾਨਾਂ ਨੂੰ ਫਸਲਾਂ ਦੇ ਭਾਅ ਨਹੀਂ ਮਿਲ ਰਹੇ। ਇਸ ਸਮੇਂ ਤਰਸੇਮ ਸਿੰਘ, ਦਲਬੀਰ ਸਿੰਘ, ਜੈਮਲ ਸਿੰਘ, ਮਿਲਖਾ ਸਿੰਘ, ਮੁਖਤਾਰ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਜੀਤ ਸਿੰਘ, ਹਾਕਮ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ।


Related News