ਕਿਸਾਨ ਸੰਘਰਸ਼ ਕਮੇਟੀ ਵੱਲੋਂ ਮੰਗਾਂ ਸਬੰਧੀ ਮੋਰਚਾ ਸ਼ੁਰੂ

09/29/2017 3:17:22 AM

ਅੰਮ੍ਰਿਤਸਰ,  (ਦਲਜੀਤ ਸ਼ਰਮਾ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀ. ਸੀ. ਦਫਤਰ ਅੰਮ੍ਰਿਤਸਰ ਵਿਖੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਮੋਰਚਾ ਸ਼ੁਰੂ ਕੀਤਾ ਗਿਆ। 
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਸੂਬਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ ਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੈਪਟਨ ਸਰਕਾਰ ਚੋਣ ਵਾਅਦੇ ਮੁਤਾਬਕ ਸਰਕਾਰੀ, ਸਹਿਕਾਰੀ, ਨਿੱਜੀ ਬੈਂਕਾਂ, ਆੜ੍ਹਤੀਆਂ ਆਦਿ ਦਾ ਸਮੁੱਚਾ ਕਰਜ਼ਾ ਖਤਮ ਕਰੇ, ਕਰਜ਼ੇ ਕਾਰਨ ਸੂਦਖੋਰ ਆੜ੍ਹਤੀਆਂ ਵੱਲੋਂ ਕਰਵਾਏ ਗਏ ਖਾਲੀ ਪ੍ਰਨੋਟਾਂ, ਰਹਿਣਨਾਮਿਆਂ, ਬੈਨਾਮਿਆਂ, ਵਹੀਖਾਤਿਆਂ ਦੀ ਮਾਨਤਾ ਰੱਦ ਕੀਤੀ ਜਾਵੇ ਤੇ ਕਿਸਾਨ-ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਲਿਆਂਦਾ ਜਾਵੇ ਤਾਂ ਜੋ ਅੱਗੇ ਤੋਂ ਕਿਸਾਨਾਂ ਸਿਰ ਕਰਜ਼ਾ ਨਾ ਚੜ੍ਹੇ, ਇਸ ਲਈ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਫਸਲਾਂ ਦੇ ਭਾਅ ਲਾਗਤ ਖਰਚਿਆਂ ਮੁਤਾਬਿਕ 50 ਫੀਸਦੀ ਮੁਨਾਫਾ ਜੋੜ ਕੇ ਦਿੱਤੇ ਜਾਣ ਅਤੇ ਫਸਲਾਂ ਦੀ ਖਰੀਦ ਦੀ ਗਾਰੰਟੀ ਕੀਤੀ ਜਾਵੇ।
ਇਸ ਮੌਕੇ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ, ਲਖਵਿੰਦਰ ਸਿੰਘ ਵਰਿਆਮ, ਸਤਨਾਮ ਸਿੰਘ ਸਠਿਆਲਾ, ਰਣਜੀਤ ਸਿੰਘ ਕਲੇਰ ਬਾਲਾ, ਮੁਖਤਾਰ ਸਿੰਘ ਭੰਗਵਾ, ਗੁਰਦੇਵ ਸਿੰਘ ਗੱਗੋਮਾਹਲ, ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਗੁਰਵਿੰਦਰ ਸਿੰਘ, ਗੁਰਦੇਵ ਸਿੰਘ, ਜਰਮਨਜੀਤ ਸਿੰਘ, ਲਖਵਿੰਦਰ ਸਿੰਘ, ਸਵਿੰਦਰ ਸਿੰਘ, ਹਰਵਿੰਦਰ ਸਿੰਘ ਭਲਾਈਪੁਰ, ਮੁਖਬੈਨ ਸਿੰਘ ਜੋਧਾਨਗਰੀ, ਜਗਤਾਰ ਸਿੰਘ ਖਤਰਾਏ ਕਲਾਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।


Related News