ਕਿਸਾਨ ਯੂਨੀਅਨ ਨੇ ਕਾਲਾਝਾੜ ਟੋਲ ਪਲਾਜ਼ਾ ਫ੍ਰੀ ਕਰ ਕੇ ਲਾਇਆ ਪੱਕਾ ਮੋਰਚਾ
Friday, Oct 18, 2024 - 05:36 AM (IST)
ਭਵਾਨੀਗੜ (ਕਾਂਸਲ) - ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਜ਼ਿਲਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਝੋਨੇ ਦੀ ਫਸਲ ਦੀ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਆ ਰਹੀਆਂ ਸਮੱਸਿਆ ਕਾਰਨ ਖੱਜਲ-ਖੁਆਰ ਹੋ ਰਹੇ ਕਿਸਾਨਾਂ ਵੱਲੋਂ ਰੋਸ ਵਜੋਂ ਪਿੰਡ ਕਾਲਾਝਾੜ ਵਿਖੇ ਸਥਿਤ ਨੈਸ਼ਨਲ ਹਾਈਵੇ ਨੰਬਰ 7 ਦੇ ਟੋਲ ਪਲਾਜ਼ਾ ਨੂੰ ਫ੍ਰੀ ਕਰ ਕੇ ਜ਼ਿਲਾ ਪੱਧਰੀ ਪੱਕੇ ਮੋਰਚੇ ਲਾਉਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਐਲਾਨ ਕੀਤਾ ਕਿ ਕੱਲ 18 ਅਕਤੂਬਰ ਤੋਂ ਪੰਜਾਬ ਦੀ ‘ਆਪ’ ਸਰਕਾਰ ਦੇ ਵਿਧਾਇਕਾਂ, ਮੰਤਰੀਆਂ ਅਤੇ ਬੀ.ਜੇ.ਪੀ. ਦੇ ਲੀਡਰਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਜਾਣਗੇ।
ਇਸ ਮੌਕੇ ਪੱਕੇ ਮੋਰਚੇ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਜ਼ਿਲਾ ਖਜ਼ਾਨਚੀ ਬਹਾਲ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਪੰਜ ਮੈਂਬਰੀ ਸੂਬਾ ਆਗੂ ਕਮੇਟੀ ਦੇ ਫੈਸਲੇ ਅਨੁਸਾਰ ਦੋਵਾਂ ਕਿਸਮਾਂ ਦੇ ਮੋਰਚੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨ ਰਾਤ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਮਸਲਿਆਂ ਦਾ ਕੋਈ ਠੋਸ ਪ੍ਰਬੰਧ ਨਹੀਂ ਕਰਦੀ ਉਦੋਂ ਤੱਕ ਇਹ ਮੋਰਚੇ ਜਾਰੀ ਰਹਿਣਗੇ।
ਇਸ ਮੌਕੇ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਵਰਕਰ ਸੂਬਾ ਪ੍ਰਧਾਨ ਪ੍ਰਗਟ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਚੰਦ ਸਿੰਘ ਰਾਮਪੁਰਾ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪ੍ਰੈੱਸ ਸਕੱਤਰ ਸੁਖਪਾਲ ਸਿੰਘ, ਮੂਣਕ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ ਕੜੈਲ, ਜਨਰਲ ਸੈਕਟਰੀ ਰਿੰਕੂ ਮੂਨਕ ਹਾਜ਼ਰ ਸਨ।
ਇਸ ਤੋਂ ਇਲਾਵਾ ਲਹਿਰਾ ਬਲਾਕ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਭਟਾਲ ਖੁਰਦ, ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਪੂਰ ਸਿੰਘ ਮੌੜਾ, ਪ੍ਰੈਸ ਸਕੱਤਰ ਚਰਨਜੀਤ ਸਿੰਘ ਘਨੌੜ ਰਾਜਪੂਤਾਂ, ਸੰਗਰੂਰ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਜਨਰਲ ਸੈਕਟਰੀ ਜਗਤਾਰ ਸਿੰਘ ਲੱਡੀ, ਬਲਾਕ ਧੂਰੀ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਕਿਲਾ ਹਕੀਮਾ ਅਤੇ ਔਰਤ ਵਿੰਗ ਦੇ ਆਗੂ ਜਸਬੀਰ ਕੌਰ ਉਗਰਾਹਾਂ ਰਣਦੀਪ ਕੌਰ ਰਟੋਲਾ ਨੇ ਸ਼ਮੂਲੀਅਤ ਕੀਤੀ।