ਝੋਨੇ ਦੀ ਬਿਜਾਈ ਤੋਂ ਪਹਿਲਾਂ ਜ਼ਰੂਰ ਜਾਣ ਲਓ ਪੰਜਾਬ ਸਰਕਾਰ ਦੀਆਂ ਇਹ ਹਦਾਇਤਾਂ
Friday, May 19, 2023 - 02:21 PM (IST)
ਜਲੰਧਰ (ਬਿਊਰੋ) : ਜ਼ਿਲ੍ਹੇ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਬਿਜਾਈ 21 ਜੂਨ 2023 ਤੋਂ ਹੀ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਮਿਤੀ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਅਤੇ ਧਰਤੀ ਹੇਠਲੇ ਬਹੁਮੁੱਲੇ ਪਾਣੀ ਨੂੰ ਬਚਾਉਣ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਝੋਨੇ ਦੀ ਪੜਾਅਵਾਰ ਬਿਜਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਜਲੰਧਰ ’ਚ ਝੋਨੇ ਦੀ ਬਿਜਾਈ 21 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਿਰਧਾਰਿਤ ਮਿਤੀ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 1.74 ਲੱਖ ਹੈਕਟੇਅਰ ਤੋਂ ਵੱਧ ਰਕਬੇ ’ਤੇ ਝੋਨੇ/ਬਾਸਮਤੀ ਦੀ ਬਿਜਾਈ ਕੀਤੀ ਜਾਂਦੀ ਹੈ। ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਉਨ੍ਹਾਂ ਕਿਸਾਨਾਂ ਨੂੰ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਤਰਜੀਹ ਦੇਣ ਤੋਂ ਇਲਾਵਾ ਡੀ. ਐੱਸ. ਆਰ. ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਹਾ। ਉਨ੍ਹਾਂ ਕਿਹਾ ਕਿ ਡੀ. ਐੱਸ. ਆਰ. ਤਕਨੀਕ ਨਾਲ ਜਿਥੇ ਧਰਤੀ ਹੇਠਲੇ ਪਾਣੀ ਦੀ 30 ਫੀਸਦੀ ਤੱਕ ਬੱਚਤ ਕੀਤੀ ਜਾ ਸਕਦੀ ਹੈ ਉਥੇ ਪਨੀਰੀ ਲਾਉਣ ਲਈ ਕਿਸਾਨਾਂ ਦਾ ਲੇਬਰ ’ਤੇ ਆਉਣ ਵਾਲਾ ਖਰਚਾ ਵੀ ਬੱਚਦਾ ਹੈ।
ਇਹ ਵੀ ਪੜ੍ਹੋ : ਗੁਆਂਢੀ ਸੂਬੇ ਨਾਲੋਂ ਜ਼ਿਆਦਾ ਪੰਜਾਬ ਨੇ 2023 ’ਚ ਦਰਜ ਕਰਵਾਈਆਂ 18,191 ਸ਼ਿਕਾਇਤਾਂ
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਡੀ. ਐੱਸ. ਆਰ. ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਪੀ. ਆਰ. 126, ਬਾਸਮਤੀ 1509 ਆਦਿ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨਾਲ ਹੀ ਲੰਮਾਂ ਸਮਾਂ ਲੈਣ ਵਾਲੀ ਪੂਸਾ 44 ਕਿਸਮ ਦੀ ਬਿਜਾਈ ਤੋਂ ਕਿਸਾਨਾਂ ਨੂੰ ਸੁਚੇਤ ਵੀ ਕੀਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੈਂਪ ਲਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ. ਐੱਸ. ਆਰ. ਤਕਨੀਕ ਅਪਨਾਉਣ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਐਲਾਨੀ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨ ਵਿਭਾਗ ਦੇ ਪੋਰਟਲ agrimachinerypb.com ’ਤੇ ਰਜਿਸਟਰ ਜ਼ਰੂਰ ਕਰਨ।
ਇਹ ਵੀ ਪੜ੍ਹੋ : ਬਿਨਾਂ ਇੰਸ਼ੋਰੈਂਸ ਪੰਜਾਬ ਦੀਆਂ ਸੜਕਾਂ 'ਤੇ ਦੌੜ ਰਹੀਆਂ ਬੱਸਾਂ, ਹਾਦਸਾ ਹੋਇਆ ਤਾਂ ਇੰਕਰੀਮੈਂਟ-ਪੈਨਸ਼ਨ ’ਤੇ ਲੱਗਦੀ ਹੈ ਬ੍ਰੇਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ