8 ਸਾਲ ਪੁਰਾਣੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਸੁਖਪਾਲ ਖਹਿਰਾ, ਜਾਣੋ ਇਸ ਕੇਸ 'ਚ ਹੁਣ ਤੱਕ ਕੀ-ਕੀ ਹੋਇਆ

Thursday, Sep 28, 2023 - 03:18 PM (IST)

8 ਸਾਲ ਪੁਰਾਣੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਸੁਖਪਾਲ ਖਹਿਰਾ, ਜਾਣੋ ਇਸ ਕੇਸ 'ਚ ਹੁਣ ਤੱਕ ਕੀ-ਕੀ ਹੋਇਆ

ਜਲੰਧਰ : ਭੁਲੱਥ ਦੇ MLA ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ ਹੈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ NDPS ਮਾਮਲੇ 'ਚ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀਆਈਜੀ ਦੀ ਅਗਵਾਈ ਵਾਲੀ ਐੱਸ. ਆਈ.ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ.ਟੀ. ਵਿੱਚ ਦੋ ਐੱਸ. ਐੱਸ.ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡਾ ਖ਼ੁਲਾਸਾ, ਗ੍ਰਿਫ਼ਤਾਰ ਵਿਅਕਤੀਆਂ ਨੇ ਖੋਲ੍ਹ 'ਤਾ ਸਾਰਾ ਕੱਚਾ-ਚਿੱਠਾ

ਜਾਣੋ ਕੀ ਹੈ ਮਾਮਲਾ?

ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੁੜ ਕਾਰਵਾਈ ਕਿਉਂ ?

ਹਾਲਾਂਕਿ 2015 'ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ ਜਿਸ ਕਾਰਨ ਹੁਣ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਅਦਾਲਤ 'ਚ ਪੇਸ਼ ਕੀਤਾ ਜਾਵੇਗਾ । 

ਇਹ ਵੀ ਪੜ੍ਹੋ :  ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਪਹਿਲਾਂ ਵੀ ਗ੍ਰਿਫ਼ਤਾਰ ਹੋ ਚੁੱਕੇ ਹਨ ਸੁਖਪਾਲ ਖਹਿਰਾ

ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ 2021 ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ ਹੈ। ਇਸੇ ਦਰਮਿਆਨ 11 ਨਵੰਬਰ 2021 ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ 2021, ਫਿਰ 19 ਜਨਵਰੀ 2022 ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਰਤੀਆ ਜ਼ਮਾਨਤ ਮਿਲ ਗਈ ਸੀ। ਇਸ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਖਹਿਰਾ ਨੂੰ ਰਾਹਤ ਦਿੰਦਿਆਂ ਐੱਨਡੀਪੀਐੱਸ ਐਕਟ ਤਹਿਤ ਦਰਜ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ। ਇਸ ਸਬੰਧੀ ਕਾਂਗਰਸੀ ਆਗੂ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਸੁਪਰੀਮ ਕੋਰਟ ਨੇ ਧਾਰਾ 319 ਸੀ.ਆਰ.ਪੀ.ਸੀ. ਦੇ ਤਹਿਤ ਮੇਰੇ ਵਿਰੁੱਧ ਫਾਜ਼ਿਲਕਾ NDPS ਮਾਮਲੇ ਵਿੱਚ ਸੰਮਨ ਰੱਦ ਕਰ ਦਿੱਤੇ ਹਨ। 

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਖ਼ਿਲਾਫ਼ ਇਕ ਹੋਰ ਵੱਡੇ ਐਕਸ਼ਨ ਦੀ ਤਿਆਰੀ 'ਚ ਵਿਜੀਲੈਂਸ

ਸੁਖਪਾਲ ਖਹਿਰਾ ਦਾ ਸਿਆਸੀ ਸਫ਼ਰ

ਸੁਖਪਾਲ  ਖਹਿਰਾ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ ਅਤੇ 2007 ਵਿੱਚ ਕਾਂਗਰਸ ਵੱਲੋਂ ਹਲਕਾ ਭੁਲੱਥ ਦੇ ਵਿਧਾਇਕ ਚੁਣੇ ਗਏ ਸਨ। ਫਿਰ ਸਾਲ 2015 ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਆਮ ਆਦਮੀ ਪਾਰਟੀ ਵਿੱਚ ਉਹ ਵਿਰੋਧੀ ਧਿਰ ਦੇ ਨੇਤਾ ਵੀ ਰਹੇ। 2019 ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਖਹਿਰਾ ਨੇ ਆਪਣੀ ਰਾਜਨੀਤਕ ਪਾਰਟੀ ਬਣਾਈ ਜਿਸ ਦਾ ਨਾਮ ਪੰਜਾਬ ਏਕਤਾ ਪਾਰਟੀ ਰੱਖਿਆ। ਖਹਿਰਾ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ 2019 ਵਿੱਚ ਲੋਕ ਸਭਾ ਚੋਣ ਵੀ ਲੜੀ ਸੀ ਪਰ ਉਹ ਹਾਰ ਗਏ ਸਨ। ਜੂਨ 2021 ਵਿੱਚ ਖਹਿਰਾ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਇਸ ਸਮੇਂ ਉਹ ਭੁਲੱਥ ਹਲਕੇ ਤੋਂ ਵਿਧਾਇਕ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News