ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 30 ਤੱਕ ਮੁਲਤਵੀ

Tuesday, May 16, 2023 - 06:39 PM (IST)

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 30 ਤੱਕ ਮੁਲਤਵੀ

ਫਰੀਦਕੋਟ (ਜ. ਬ.)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਕੋਟਕਪੂਰਾ ਗੋਲੀਕਾਂਡ ’ਚ ਅੱਜ ਬਾਕੀ ਸਾਰੇ ਮੁਲਜ਼ਮ ਅਦਾਲਤ ’ਚ ਪੇਸ਼ ਨਹੀਂ ਹੋਏ, ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ’ਚ ਸਾਬਕਾ ਆਈ. ਜੀ. ਅਮਰ ਸਿੰਘ ਚਾਹਲ ਨਿੱਜੀ ਤੌਰ ’ਤੇ ਹਾਜ਼ਰ ਹੋਏ, ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਥਾਣਾ ਸਿਟੀ ਕੋਟਕਪੂਰਾ ਦੇ ਤੱਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਸੁਖਮਿੰਦਰ ਸਿੰਘ ਮਾਨ ਅਤੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਆਪਣੀ ਹਾਜ਼ਰੀ ਮੁਆਫ਼ ਕਰਵਾ ਲਈ ਸੀ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਨਿਗਰਾਨ ਇੰਜੀਨੀਅਰ ਰਿਸ਼ਵਤ ਲੈਂਦਾ ਕੀਤਾ ਕਾਬੂ

ਉਕਤ ਹਾਜ਼ਰੀ ਮੁਆਫ਼ ਦੀਆਂ ਅਰਜ਼ੀਆਂ ਅਦਾਲਤ ਨੇ ਪ੍ਰਵਾਨ ਕਰ ਲਈਆਂ ਸਨ ਅਤੇ 30 ਮਈ ਲਈ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਪੇਸ਼ ਕੀਤੀਆਂ ਚਲਾਨ ਰਿਪੋਰਟਾਂ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਬਾਦਲ ਦੀ ਮੌਤ ਤੋਂ ਬਾਅਦ ਉਕਤ ਮਾਮਲੇ ’ਚ 7 ਮੁਲਜ਼ਮ ਬਾਕੀ ਹਨ। ਸੁਖਬੀਰ ਸਿੰਘ ਬਾਦਲ ਅਤੇ ਪੁਲਸ ਅਧਿਕਾਰੀ ਸੁਖਮਿੰਦਰ ਸਿੰਘ ਮਾਨ ਦੇ ਵਕੀਲਾਂ ਨੇ ਇਤਰਾਜ਼ ਪੇਸ਼ ਕੀਤਾ ਕਿ ਉਨ੍ਹਾਂ ਨੂੰ ਜੋ ਚਲਾਨ ਦੀ ਰਿਪੋਰਟ ਦੀਆਂ ਕਾਪੀਆਂ ਦਿੱਤੀਆਂ ਗਈਆਂ ਹਨ, ਉਹ ਸਹੀ ਨਹੀਂ, ਇਸ ਕਰ ਕੇ ਚਲਾਨ ਦੀਆਂ ਕਾਪੀਆਂ ਦੇ ਠੀਕ, ਦਰੁੱਸਤ ਅਤੇ ਮੁਕੰਮਲ ਦਸਤਾਵੇਜ਼ ਮੁਹੱਈਆ ਕਰਵਾਏ ਜਾਣ।

ਇਹ ਖ਼ਬਰ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਰੋਡਵੇਜ਼/PRTC ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਦਿੱਤੇ ਇਹ ਹੁਕਮ

ਅਦਾਲਤ ਨੇ ਉਕਤ ਅਰਜ਼ੀਆਂ ਮੁਤਾਬਕ ਐੱਸ. ਆਈ. ਟੀ. ਤੋਂ ਜਵਾਬ ਦੀ ਮੰਗ ਕਰਦਿਆਂ 30 ਮਈ ਦੀ ਤਾਰੀਖ਼ ਅਗਲੀ ਸੁਣਵਾਈ ਲਈ ਨਿਸ਼ਚਿਤ ਕਰ ਦਿੱਤੀ। ਜਾਣਕਾਰੀ ਮੁਤਾਬਕ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ 24 ਫਰਵਰੀ ਨੂੰ 7 ਹਜ਼ਾਰ ਪੰਨਿਆਂ ਦੀ ਚਲਾਨ ਰਿਪੋਰਟ ਪੇਸ਼ ਕੀਤੀ ਸੀ, ਜਿਸ ’ਚ ਬਾਦਲ ਪਿਓ-ਪੁੱਤ ਸਮੇਤ 6 ਪੁਲਸ ਅਧਿਕਾਰੀ ਵੀ ਨਾਮਜ਼ਦ ਕੀਤੇ ਗਏ ਸਨ।


author

Manoj

Content Editor

Related News