ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ‘ਸਿਟ’ ਦੀ ਲੋਕਾਂ ਨੂੰ ਅਪੀਲ, ਜਾਣਕਾਰੀ ਲਈ ਜਾਰੀ ਕੀਤਾ ਨੰਬਰ
Sunday, Feb 05, 2023 - 06:21 PM (IST)
ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਮੁਖੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ 'ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ’ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ’ਤੇ ਮੈਸੇਜ ਭੇਜ ਕੇ ਜਾਂ ਆਈ. ਡੀ. newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ
ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐੱਸ. ਆਈ. ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਏ. ਡੀ. ਜੀ. ਪੀ. ਨੂੰ ਸੌਂਪੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਐੱਸ. ਆਈ. ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ. ਡੀ. ਜੀ. ਪੀ. ਐੱਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ. ਐੱਸ. ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਸੀ।
ਇਹ ਵੀ ਪੜ੍ਹੋ : ਰਾਜਪੁਰਾ ’ਚ ਟੂਰਿਸਟ ਬਸ ਨਾਲ ਵਾਪਰਿਆ ਵੱਡਾ ਹਾਦਸਾ, ਤੜਕੇ ਚਾਰ ਵਜੇ ਹਾਈਵੇ ’ਤੇ ਮਚਿਆ ਚੀਕ ਚਿਹਾੜਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।