ਕੋਟਕਪੂਰਾ ''ਚ ਵੱਡਾ ਹਾਦਸਾ, ਮੁੰਡੇ ਦੇ ਸਿਰ ਉਪਰੋਂ ਲੰਘੀ ਬੱਸ
Friday, Oct 17, 2025 - 06:15 PM (IST)

ਫਰੀਦਕੋਟ : ਅੱਜ ਦੁਪਹਿਰ ਕੋਟਕਪੂਰਾ ਦੇ ਮੁਕਤਸਰ ਰੋਡ ਵਾਲੇ ਓਵਰ ਬ੍ਰਿਜ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਸਕੂਟਰੀ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਸਕੂਟਰੀ ਨੂੰ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਨੌਜਵਾਨ ਦਾ ਸਿਰ ਬੱਸ ਦੇ ਟਾਇਰ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਪਿੰਡ ਵਾੜਾ ਦਰਾਕਾ ਦੇ ਰਹਿਣ ਵਾਲੇ ਕ੍ਰਿਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸ਼ਹਿਰ ਵਿਚ ਸਿਲਾਈ ਦਾ ਕੰਮ ਕਰਦਾ ਸੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਸ ਏਐਸਆਈ ਬਲਕਾਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚੀ। ਪੁਲਸ ਨੇ ਦੋਹਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਹੈ।
ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਕਤਸਰ ਰੋਡ ਓਵਰਬ੍ਰਿਜ ‘ਤੇ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਹੈ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕੇਸ ਦਰਜ ਕੀਤਾ ਜਾਵੇਗਾ।