ਕੇ. ਐੱਸ. ਮੱਖਣ ਵਲੋਂ ਕਕਾਰ ਤਿਆਗੇ ਜਾਣ ''ਤੇ ਐੱਸ. ਜੀ. ਪੀ. ਸੀ. ਦਿੱਤਾ ਵੱਡਾ ਬਿਆਨ
Tuesday, Oct 01, 2019 - 06:46 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਮਸ਼ਹੂਰ ਗਾਇਕ ਕੇ. ਐੱਸ. ਮੱਖਣ ਵਲੋਂ ਸਿੱਖੀ ਸਰੂਪ ਤਿਆਗਣ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ 'ਤੇ ਅਫਸੋਸ ਪ੍ਰਗਟ ਕਰਦਿਆਂ ਇਸ ਨੂੰ ਅਤਿ ਦੁੱਖਦਾਈ ਦੱਸਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਨੇ ਕਕਾਰਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਤਕ ਵਾਰ ਦਿੱਤੀਆਂ ਸਨ। ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿਖੇ ਵਿਰਾਸਤੀ ਮੇਲੇ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਦਾਸ ਮਾਨ ਦੇ ਵਿਵਾਦ 'ਤੇ ਬੋਲਿਦਆਂ ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਦੀ ਚੜ੍ਹਤ ਅੱਜ ਪੰਜਾਬੀ ਮਾਂ ਬੋਲੀ ਕਰਕੇ ਹੀ ਹੈ ਅਤੇ ਸਾਰਿਆਂ ਨੂੰ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਆਫੀ ਮੰਗਦਾ ਹੈ ਤਾਂ ਉਸਨੂੰ ਮੁਆਫ ਵੀ ਕਰ ਦੇਣਾ ਚਾਹੀਦਾ ਹੈ।
ਭਾਰਤ ਸਰਕਾਰ ਵੱਲੋਂ ਅੱਠ ਸਿੱਖ ਕੈਦੀਆਂ ਦੀ ਰਿਹਾਈ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਫੈਸਲਾ ਦਾ ਸਵਾਗਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਬਹੁਤ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ਬਹੁਤ ਦੇਰ ਤੋਂ ਸੰਘਰਸ਼ ਕਰ ਰਹੀਆਂ ਸਨ। ਉਹਨਾ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਿਹੜੇ ਸਿੱਖ ਕੈਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਅਜੇ ਵੀ ਜੇਲਾਂ ਵਿਚ ਬੰਦ ਹਨ ਉਨ੍ਹਾਂ ਨੂੰ ਵੀ ਜਲਦ ਰਿਹਾਅ ਕਰਨਾ ਚਾਹੀਦਾ ਹੈ ।