ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪਿੰਡਾਂ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼
Tuesday, Nov 22, 2022 - 06:33 PM (IST)
ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾਂ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ। ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵਲੋਂ ਪਿੰਡਾਂ ਵਿਚ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਜਿਸ ਦੀ ਉਸ ਦਿਨ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਜਾਣ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਚਿਾਤਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋਂ ਨਾ ਕਰਨ ਵਾਲਿਆਂ ਦੀ ਜਾਵਾਬਦੇਹੀ ਤਹਿ ਕੀਤੀ ਜਾਵੇਗੀ।
ਇਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੇ ਨਾਲ-ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵਿੱਡੀ ਗਈ ਸੀ ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ’ਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ। ਹੁਣ ਤੱਕ ਪੰਚਾਇਤ ਵਿਭਾਗ ਨੇ ਮਾਲ ਮਹਿਕਮੇ ਦੇ ਰਿਕਾਰਡ ਨਾਲ ਮਿਲਾਣ ਕਰਕੇ ਕੁੱਲ 1.28 ਲੱਖ ਏਕੜ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ ਜਿਸ ਵਿਚੋਂ 42000 ਏਕੜ ਵਾਹੀਯੋਗ ਹੈ। ਇਨ੍ਹਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ਵਿਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਕੁਲਦੀਪ ਧਾਲੀਵਾਲ ਨੇ ਇੰਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਪ੍ਰਕਿਰਿਆ ਆਰੰਭ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਵਿਭਾਗ ਦੇ ਅਧਿਕਾਰੀਆਂ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦਾ ਪਹਿਲਾ ਗੇੜ ਜੂਨ ਮਹੀਨੇ ਕੀਤਾ ਗਿਆ ਸੀ ਅਤੇ ਹੁਣ ਦੂਜਾ ਗੇੜ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਗ੍ਰਾਮ ਸਭਾ ਦੇ ਸਾਰੇ ਇਜਲਾਸਾਂ ਦੀ ਵੀਡੀਓ ਗ੍ਰਾਫੀ ਅਤੇ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ਵਾਲਿਆਂ ਖਿਲਾਫ ਵਿਭਾਗੀ ਕਾਰਵਈ ਕੀਤੀ ਜਾਵੇ।