ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ 'ਤੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਸੁਣੋ ਕੀ ਕਿਹਾ (ਵੀਡੀਓ)
Thursday, Jan 01, 2026 - 03:51 PM (IST)
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ 'ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ 3 ਸਾਲਾਂ ਤੋਂ ਸਿੱਖ ਸੰਗਤਾਂ ਵਲੋਂ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਸੀ ਅਤੇ ਅੱਜ ਪੰਜਾਬ ਪੁਲਸ ਵਲੋਂ ਇਸ ਮਾਮਲੇ ਸਬੰਧੀ ਪਹਿਲੀ ਗ੍ਰਿਫ਼ਤਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ 'ਤੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸਿੱਟ ਬਣਾਈ ਗਈ ਸੀ, ਜਿਸ ਨੇ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਕੀਤੀ, ਜਦੋਂ ਚੰਡੀਗੜ੍ਹ ਦੇ ਇਕ ਹੋਟਲ 'ਚੋਂ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਪੰਜਾਬ ਪੁਲਸ ਨੂੰ ਵੱਡਾ ਤੋਹਫ਼ਾ, ਵਿਭਾਗ 'ਚ ਕੀਤੀਆਂ ਜਾਣਗੀਆਂ ਨਵੀਆਂ ਭਰਤੀਆਂ
ਧਾਲੀਵਾਲ ਨੇ ਕਿਹਾ ਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਸਤਿੰਦਰ ਸਿੰਘ ਕੋਹਲੀ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ 'ਚ ਮੁੱਖ ਮੁਲਜ਼ਮ ਹਨ। ਲਾਪਤਾ ਪਾਵਨ ਸਰੂਪਾਂ ਦੀ ਜਾਂਚ ਲਈ ਸਿੱਖ ਸੰਗਤਾਂ ਵਲੋਂ ਪਿਛਲੇ ਸਾਲਾਂ ਤੋਂ ਧਰਨੇ ਵੀ ਲਾਏ ਗਏ ਸਨ ਅਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ। ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ ਦੋਸ਼ੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਸਿੱਖ ਸੰਗਤਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਮਾਮਲੇ ਦੇ ਸਾਰੇ 16 ਦੋਸ਼ੀਆਂ ਨੂੰ ਫੜ੍ਹ ਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਅੱਜ ਚੰਡੀਗੜ੍ਹ ਦੇ ਇਕ ਹੋਟਲ 'ਚੋਂ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੀਆਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਪੜ੍ਹੋ ਪੂਰਾ ਸ਼ਡਿਊਲ
328 ਸਰੂਪਾਂ ਦਾ ਮਾਮਲਾ ਕੀ ਹੈ?
ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗੁੰਮ ਹੋਣ ਦਾ ਮਾਮਲਾ ਸਾਲ 2020 ਵਿੱਚ ਪਹਿਲੀ ਵਾਰ ਲੋਕਾਂ ਸਾਹਮਣੇ ਆਇਆ। ਹਾਲਾਂਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ, ਉਦੋਂ 267 ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ (ਜਿਨ੍ਹਾਂ ਦਾ ਕੋਈ ਰਿਕਾਰਡ ਨਹੀਂ) ਹੋਣ ਦੀ ਗੱਲ ਕੀਤੀ ਗਈ ਸੀ ਪਰ ਬਾਅਦ 'ਚ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਲਾਪਤਾ (ਜਿਨ੍ਹਾਂ ਦਾ ਕੋਈ ਰਿਕਾਰਡ ਨਹੀਂ) ਹੋਏ ਸਰੂਪਾਂ ਦੀ ਗਿਣਤੀ 328 ਦੱਸੀ। ਇਸ 'ਚ ਸ਼੍ਰੋਮਣੀ ਕਮੇਟੀ ਦੇ 16 ਸਾਬਕਾ ਕਰਮਚਾਰੀਆਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਰੂਪ ਸਿੰਘ, ਸਾਬਕਾ ਸਕੱਤਰ ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
