ਸ਼ਾਂਤਮਈ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਏਗੀ ਪੰਜਾਬ ਸਰਕਾਰ: ਧਾਲੀਵਾਲ
Saturday, Dec 06, 2025 - 06:30 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਅੱਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਕੱਲ੍ਹ ਤੋਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਮੈਦਾਨ ਵਿਚ ਉਤਰ ਕੇ ਪ੍ਰਚਾਰ ਸ਼ੁਰੂ ਕਰਨਗੇ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ 75 ਸਾਲਾਂ ਦੇ ਆਪਣੇ ਰਾਜ ਦਾ ਹਿਸਾਬ ਦੇਣਾ ਚਾਹੀਦਾ ਹੈ, ਜਦਕਿ ਆਮ ਆਦਮੀ ਪਾਰਟੀ ਆਪਣੀ ਸਾਢੇ ਚਾਰ ਸਾਲਾਂ ਦੀ ਸਰਕਾਰ ਦਾ ਹਿਸਾਬ ਲੋਕਾਂ ਸਾਹਮਣੇ ਰੱਖੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਦੇ ਆਧਾਰ ’ਤੇ ਕੰਮ ਕੀਤਾ ਹੈ ਅਤੇ ਉਸੇ ਆਧਾਰ ’ਤੇ ਵੋਟਾਂ ਮੰਗੀਆਂ ਜਾਣਗੀਆਂ।
ਧਾਲੀਵਾਲ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਦੋਨੋਂ ਪਾਰਟੀਆਂ ਪਿਛਲੇ ਸਮੇਂ ਤੋਂ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀ ਰਾਜਨੀਤੀ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਾ ਸਾਂਸੀ ਹਲਕੇ ਦੇ ਪਿੰਡ ਭਿੰਡੀ ਸੈਦਾ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਵਰਕਰਾਂ ’ਤੇ ਹੋਇਆ ਹਮਲਾ ਇਸਦੀ ਮਿਸਾਲ ਹੈ, ਜਿੱਥੇ ਗੋਲੀ ਚਲਾਉਣ ਅਤੇ ਲੋਹੇ ਦੇ ਹਥਿਆਰਾਂ ਨਾਲ ਵਾਰ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਕੇ ਹਸਪਤਾਲ ਵਿਚ ਦਾਖਲ ਹਨ।
ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਕਿਤੇ ਵੀ ਐਸੇ ਕਿਸੇ ਗਲਤ ਕੰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਾਰਟੀ ਨੇ ਕਦੇ ਵੀ ਫਾਰਮ ਰੱਦ ਕਰਵਾਉਣ, ਫਾਈਲਾਂ ਚੁੱਕਣ ਜਾਂ ਕਿਸੇ ਉਮੀਦਵਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਧਾਲੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਸੂਚੀਆਂ ਤੋਂ ਸਾਬਤੀ ਮਿਲ ਜਾਵੇਗੀ ਕਿ ਪਾਰਟੀ ਨੇ ਨਿਯਮਾਂ ਅਨੁਸਾਰ ਚੋਣ ਪ੍ਰਕਿਰਿਆ ਵਿੱਚ ਭਾਗ ਲਿਆ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਏਗੀ। ਹਰ ਨਾਗਰਿਕ ਨੂੰ ਬਿਨਾਂ ਡਰ ਦੇ ਆਪਣੀ ਵੋਟ ਪਾਉਣ ਦਾ ਅਧਿਕਾਰ ਮਿਲੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
