ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

09/05/2022 6:24:18 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਮਾਮਲਿਆਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਕੇਂਦਰੀ ਸੜਕੀ ਆਵਾਜਾਈ  ਮੰਤਰੀ ਨਿਤਿਨ ਗਡਕਰੀ ਨਾਲ ਸਥਾਨਕ ਟ੍ਰਾਂਸਪੋਰਟ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਧੁੱਸੀ ਬੰਨ ਨਜ਼ਦੀਕ ਤੋਂ ਘੋਨੇਵਾਲਾ ਰਾਮਦਾਸ ਰੋਡ ਤੋਂ ਗੁਲਗੜ ਸੜਕ ਦੇ ਨਿਰਮਾਣ ਅਤੇ ਸਰਹੱਦੀ ਬਲਾਕ ਅਜਨਾਲਾ ਵਿਚ ਅਜਨਾਲਾ-ਫਤਿਹਗੜ੍ਹ ਚੂੜੀਆਂ-ਰਾਮਦਾਸ ਸੜਕ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟਾਂ ਨੂੰ ਕੇਂਦਰੀ ਰੋਡ ਫੰਡ (ਸੀ.ਆਰ.ਐੱਫ) ਤਹਿਤ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਸੜਕਾਂ ਦੇ ਵਿਕਸਿਤ ਨਾ ਹੋਣ ਕਾਰਨ ਇਸ ਇਲਾਕੇ ਦੇ ਕਰੀਬ 100 ਪਿੰਡਾਂ ਦਾ ਵਿਕਾਸ ਰੁਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਨੇਪਰੇ ਚੜਨ ਨਾਲ ਇਸ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। 

ਇਹ ਵੀ ਪੜ੍ਹੋ : PGI ਦੇ ਹੈਰਾਨ ਕਰਨ ਵਾਲੇ ਤੱਥ, ਪੰਜਾਬ-ਹਰਿਆਣਾ ਦੇ ਗੱਭਰੂਆਂ ’ਚ ਵਧੀ ਨਾਮਰਦੀ, ਬਜ਼ੁਰਗਾਂ ਦੀ ਸੈਕਸ ਪ੍ਰਤੀ ਰੁਚੀ ਵਧੀ

ਉਨ੍ਹਾਂ ਦੱਸਿਆ ਕਿ ਉਸਾਰੂ ਮਾਹੌਲ ਵਿਚ ਹੋਈ ਇਸ ਮੀਟਿੰਗ ਵਿਚ ਗਡਕਰੀ ਵੱਲੋਂ ਅਜਨਾਲਾ ਸ਼ਹਿਰ ਅਤੇ ਤਿੰਨ ਪਿੰਡਾਂ ਆਵਾਨ, ਗੱਗੋਵਾਲ ਅਤੇ ਥੋਬਾ ਵਿਚਲੀਆਂ ਸੜਕਾਂ ਨੂੰ ਵੀ ਰੀਹੈਬਲੀਟੇਸ਼ਨ ਤਹਿਤ ਵਿਕਸਿਤ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸਦੇ ਫੰਡ ਹਫਤੇ ਦੇ ਅੰਦਰ-ਅੰਦਰ ਜਾਰੀ ਕਰਨ ਸਬੰਧੀ ਗਡਕਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਡਕਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਸੂਬੇ ਦੀਆਂ ਹੋਰ ਸੜਕਾਂ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 8,736 ਅਧਿਆਪਕ ਹੋਣਗੇ ਰੈਗੂਲਰ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਕਬਜ਼ੇ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ 9 ਹਜ਼ਾਰ 53 ਏਕੜ ਜ਼ਮੀਨਾਂ ਤੋਂ ਕਬਜ਼ੇ ਛੁਡਵਾਏ ਜਾ ਚੁਕੇ ਹਨ ਅਤੇ ਆਉਂਦੇ ਸਮੇਂ ਵਿਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਵਿਰੋਧੀ ਧਿਰਾਂ ਵੱਲੋਂ ਇਸ ਮੁਹਿੰਮ ਸਬੰਧੀ ਕੀਤੀ ਜਾ ਰਹੀ ਆਲੋਚਨਾ ਬਾਰੇ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਇਹ ਕਬਜ਼ੇ ਹੋਏ ਹਨ ਅਤੇ ਇਨ੍ਹਾਂ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਸਮੇਂ ਇਸ ਖੇਤਰ ਵਿਚ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਆਪਣੀ ਅਸਫਲਤਾ ’ਤੇ ਪਰਦਾ ਪਾਉਣ ਲਈ ਹੀ ਬੇਬੁਨਿਆਦ ਆਲੋਚਨਾ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਬਹੁ-ਚਰਚਿਤ ਲਵਪ੍ਰੀਤ ਖ਼ੁਦਕੁਸ਼ੀ ਮਾਮਲਾ, ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ 20 ਮਹੀਨਿਆਂ ਬਾਅਦ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News