‘ਆਪ’ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ : ਕੁਲਦੀਪ ਸਿੰਘ ਧਾਲੀਵਾਲ

Monday, May 01, 2023 - 04:38 PM (IST)

‘ਆਪ’ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ : ਕੁਲਦੀਪ ਸਿੰਘ ਧਾਲੀਵਾਲ

ਜਲੰਧਰ (ਧਵਨ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਸਮਰਥਕਾਂ ਦਾ ‘ਆਪ’ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਲੰਧਰ ਲੋਕ ਸਭਾ ਹਲਕੇ ਵਿਚ ਐਤਵਾਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਪਾਰਟੀਆਂ ਦੇ 60 ਦੇ ਲਗਭਗ ਲੋਕ ‘ਆਪ’ ਵਿਚ ਸ਼ਾਮਲ ਹੋ ਗਏ। ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਨੇ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣਗੇ। ਇਥੇ ਪਾਰਟੀ ਦੇ ਚੋਣ ਦਫ਼ਤਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਜਲੰਧਰ ’ਚ ਪਾਰਟੀ ਦੇ ਚੋਣ ਦਫ਼ਤਰ ’ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ‘ਆਪ’ ’ਚ ਸ਼ਾਮਲ ਹੋਣ ਵਾਲਿਆਂ ’ਚ ਹਲਕਾ ਫਿਲੌਰ ਦੇ ਕੋਆਪ੍ਰੇਟਿਵ ਸੋਸਾਇਟੀ ਪਿੰਡ ਲੇਹਲ ਦੇ ਪ੍ਰਧਾਨ ਗੁਰਬਖਸ਼ ਸਿੰਘ ਤੇ ਮੀਤ ਪ੍ਰਧਾਨ ਮੱਖਣ ਸਿੰਘ, ਪਿੰਡ ਚੱਕ ਦੇਸਾ ਦੇ ਪ੍ਰਧਾਨ ਸੰਤੋਖ ਸਿੰਘ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ, ਪਿੰਡ ਪੱਟੀ ਖ਼ਾਲਸਾ ਦੇ ਪ੍ਰਧਾਨ ਜੈਪਾਲ ਸਿੰਘ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਸਮੇਤ ਕਰਤਾਰਪੁਰ ਹਲਕਾ ਸਹਿਕਾਰੀ ਸੋਸਾਇਟੀ ਕੋਹਾਲਾ ਦੇ ਪ੍ਰਧਾਨ ਅਮਰੀਕ ਸਿੰਘ, ਪਿੰਡ ਅਖੌਲ ਦੇ ਪ੍ਰਧਾਨ ਸੁਰਿੰਦਰ ਸਿੰਘ, ਪਿੰਡ ਚਮਿਆਰਾ ਦੇ ਪ੍ਰਧਾਨ ਹਰਜਿੰਦਰ ਸਿੰਘ, ਪਿੰਡ ਹੇਲਰ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਪਿੰਡ ਗਾਖਲ ਦੇ ਪ੍ਰਧਾਨ ਜਸਵੀਰ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਅਹੁਦੇਦਾਰ ਅਤੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਸਨ।

ਇਹ ਵੀ ਪੜ੍ਹੋ : ਲਗਾਤਾਰ 7 ਦਿਨ ਬਿਨਾਂ ਸੁੱਤੇ ਨੌਜਵਾਨ ਚਲਾਉਂਦਾ ਰਿਹਾ ਮੋਬਾਇਲ, ਡਿਪ੍ਰੈਸ਼ਨ ਦਾ ਸ਼ਿਕਾਰ ਹੋਣ ਮਗਰੋਂ ਕੀਤਾ ਹੈਰਾਨੀਜਨਕ ਕਾਰਾ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ। ‘ਆਪ’ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਇਕ ਸਾਲ ਦੇ ਸ਼ਾਸਨ ਦੌਰਾਨ ਜਨਤਾ ਨੂੰ ਦਿੱਤੀਆਂ ਲਗਭਗ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਆਉਣ ਵਾਲੇ ਸਮੇਂ ਵਿਚ ਸੂਬੇ ਵਿਚ ‘ਆਪ’ ਸਰਕਾਰ ਵੱਲੋਂ ਹੋਰ ਵੀ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਲਈ ਜਲੰਧਰ ਹਲਕੇ ਦੇ ਲੋਕ ‘ਆਪ’ ਨੂੰ ਪੂਰਾ ਸਮਰਥਨ ਦੇ ਰਹੇ ਹਨ। ਆਮ ਆਦਮੀ ਪਾਰਟੀ ਵਿਚ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ‘ਆਪ’ ਵਿਚ ਉਨ੍ਹਾਂ ਦਾ ਪੂਰਾ ਬਣਦਾ ਸਨਮਾਨ ਦੇਣ ਦਾ ਭਰੋਸਾ ਦਿੱਤਾ। ‘ਆਪ’ ਵਿਚ ਸ਼ਾਮਲ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਨੇ ਕਿਹਾ ਕਿ ਉਹ ਜਲੰਧਰ ਦੀ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕਰਨਗੇ ਅਤੇ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਜਲੰਧਰ ਲੋਕ ਸਭਾ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਰਿੰਕੂ ਇਹ ਚੋਣ ਵੱਡੇ ਫਰਕ ਨਾਲ ਜਿੱਤਣਗੇ।

ਇਹ ਵੀ ਪੜ੍ਹੋ :ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

Anuradha

Content Editor

Related News